ਕੋਵਿਡ ਰੋਕੂ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਲੋਕ ਰਹਿਣ ਸਾਵਧਾਨ : ਡਾ. ਗੀਤਾਂਜਲੀ ਸਿੰਘ
– ਜਾਡਲਾ ਸਮੇਤ ਸਿਹਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ‘ਤੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 13 ਅਪ੍ਰੈਲ 2021 : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰ ਰਹੇ ਹਨ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸਿਹਤ ਵਿਭਾਗ ਦੀ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਾਰੀ ਹੈ ਅਤੇ ਇਹ ਜੰਗ ਕੋਵਿਡ ਰੋਕੂ ਟੀਕੇ ਨਾਲ ਜਿੱਤੀ ਜਾਵੇਗੀ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ। ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ। ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।