ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਲਗਾਉਣ ਦਾ ਐਲਾਨ
ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ)-ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ 16ਅਕਤੂਬਰ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ।ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਦੀ ਪ੍ਰਧਾਨਗੀ ਹੇਠ ਸਥਾਨਕ ਡੀ.ਈ.ਓ. ਦਫਤਰ ਪਟਿਆਲਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ, ਸੂਬਾ ਕਮੇਟੀ ਮੈੰਬਰ ਹਰਦੀਪ ਟੋਡਰਪੁਰ ਅਤੇ ਜਿਲ੍ਹਾ ਸਕੱਤਰ ਹਰਵਿੰਦਰ ਰੱਖੜਾ ਨੇ ਕਿਹਾ ਕਿ ‘ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧ ਕਰਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਮਾਣ-ਭੱਤਾ ਵਰਕਰਾਂ ਉਪਰ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਸਾਂਝੇ ਫਰੰਟ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਅਤੇ ਸਰਕਾਰ ਵੱਲੋਂ ਮੁਲਾਜਮ ਹਿੱਤਾਂ ਨੂੰ ਜਾਣ ਬੁੱਝ ਕੇ ਅੱਖੋਂ ਪਰੋਖੇ ਕਰਨ ਦੇ ਰੋਸ ਵੱਜੋਂ 16 ਅਕਤੂਬਰ ਨੂੰ ਮੋਰਿੰਡਾ ਵਿਖੇ ਲਾਮਿਸਾਲ ਰੈਲੀ ਕਰਕੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਵਿੱਚ ਪੰਜਾਬ ਦੇ ਵੱਡੀ ਗਿਣਤੀ ਅਧਿਆਪਕਾਂ ਦੁਆਰਾ ਡੀ.ਟੀ.ਐੱਫ. ਦੇ ਝੰਡੇ ਹੇਠ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।