ਕੱਲ੍ਹ ਤੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਉਣਾ ਪਵੇਗਾ ਸਕੂਲ
ਆਨਲਾਈਨ ਪੜ੍ਹਾਈ ਹੋਈ ਬੰਦ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ)-ਕੱਲ੍ਹ ਯਾਨਿ ਕਿ 1 ਅਪ੍ਰੈਲ ਤੋਂ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਪੂਰੀ ਤਰ੍ਹਾਂ ਆਫਲਾਈਨ ਹੋ ਜਾਣਗੀਆਂ ਅਤੇ ਕਿਸੇ ਵੀ ਵਿਦਿਆਰਥੀ ਨੂੰ ਆਨਲਾਈਨ ਪੜ੍ਹਾਈ ਨਹੀਂ ਕਰਵਾਈ ਜਾਵੇਗੀ। ਅਜਿਹੀ ਸਥਿਤੀ ਵਿੱਚ ਹੁਣ ਉਪਰੋਕਤ ਦੋਵੇਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਸਕੂਲ ਆਉਣ ਲਾਜ਼ਮੀ ਹੈ । ਗੌਰਤਲਬ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ। ਇਸ ਸਬੰਧੀ ਸਿੱਖਿਆ ਵਿਭਾਗ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਭਜੋਤ ਕੌਰ ਨੇ ਸਕੂਲ ਪ੍ਰਿੰਸੀਪਲਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ 1 ਅਪ੍ਰੈਲ ਤੋਂ ਪੜ੍ਹਾਈ ਪੂਰੀ ਤਰ੍ਹਾਂ ਆਫ਼ਲਾਈਨ ਹੋ ਜਾਵੇਗੀ। ਇਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ। ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਦੀ ਬਿਹਤਰ ਤਿਆਰੀ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਦੱਸ ਦੱਈਏ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਭਜੋਤ ਕੌਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਣ ਤਕ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਆਫ਼ਲਾਈਨ ਹੋਣ ਦੇ ਹੁਕਮ ਹਨ। ਹੋਰ ਕਲਾਸਾਂ ਲਈ ਅਜੇ ਤਕ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।























