ਪ੍ਰਦੇਸ਼ ਭਾਜਪਾ ਆਗੂਆਂ ਨੂੰ ਮੋਦੀ ਸਰਕਾਰ ਦੀ ਪੰਜਾਬ ਨੂੰ ਦੇਣ ਦੱਸਣ ਦੀ ਵੰਗਾਰ ਪਾਈ
ਕੈਪਟਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਵਾਅਦੇ ਪੂਰੇ ਕੀਤੇ
ਚੰਡੀਗੜ੍ਹ, 29 ਦਸੰਬਰ
ਉੱਤਰ ਪ੍ਰਦੇਸ਼ ਵਿੱਚ ਸ੍ਰੀਮਤੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਵੱਲੋਂ ਨਾਜਾਇਜ਼ ਤੌਰ ਤੇ ਰੋਕੇ ਜਾਣ ਅਤੇ ਪੁਲਿਸ ਵੱਲੋਂ ਅਭੱਦਰ ਵਿਹਾਰ ਕਰਨ ਦੀ ਸਖ਼ਤ ਨਿੰਦਿਆ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਜਿਸ ਦੇਸ਼ ਵਿੱਚ ਔਰਤ ਨੂੰ ਦੇਵੀ ਦਾ ਰੂਪ ਕਿਹਾ ਜਾਂਦਾ ਹੋਵੇ ਉੱਥੇ ਔਰਤਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਭਾਜਪਾ ਸਰਕਾਰ ਦੀ ਔਰਤ ਜਾਤੀ ਪ੍ਰਤੀ ਨਫ਼ਰਤ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਕਿਹਾ ਕਿ ਜਿਸ ਭਾਜਪਾ ਸਰਕਾਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਸ਼ੁਰੂ ਕੀਤੀ ਉਸੇ ਦੇ ਰਾਜ ਵਿੱਚ ਦੇਸ਼ ਦੀ ਬੇਟੀ ਨਾਲ ਇਸ ਤਰ੍ਹਾਂ ਦਾ ਵਿਹਾਰ ਭਾਜਪਾ ਸਰਕਾਰ ਦੀ ਮੰਦੀ ਸੋਚ ਦਾ ਪ੍ਰਤੀਕ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਿੰਅਕਾ ਗਾਂਧੀ ਨੇ ਨਾਗਰਿਕ ਸੋਧ ਬਿੱਲ ਖਿਲਾਫ ਜੋ ਦੇਸ਼ ਵਿਆਪੀ ਅੰਦੋਲਨ ਚਲਾਇਆ ਹੈ ਉਸੇ ਤੋਂ ਘਬਰਾ ਕੇ ਮੋਦੀ ਸਰਕਾਰ ਉਨ੍ਹਾਂ ਨਾਲ ਅਜਿਹਾ ਵਿਹਾਰ ਕਰ ਰਹੀ ਹੈ।
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਕਾਂਗਰਸ ਪਾਰਟੀ 30 ਦਸੰਬਰ 2019 ਨੂੰ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਬਿੱਲ ਖਿਲਾਫ ਇਕ ਰੋਸ਼ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਰੋਸ ਮਾਰਚ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ, ਪੰਜਾਬ ਕੈਬਨਿਟ ਦੇ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਆਗੂ ਸ਼ਿਰਕਤ ਕਰਣਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਇਸ ਮਾਰਚ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਬਣਾਏ ਗਏ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਲਈ ਪੂਰਾ ਦੇਸ਼ ਇਕਜੁੱਟ ਹੋ ਰਿਹਾ ਹੈ।
ਇਸ ਮੌਕੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਭਾਜਪਾ ਦੇ ਪ੍ਰਦੇਸ਼ ਯੂਨਿਟ ਨੂੰ ਵੀ ਸਵਾਲ ਕੀਤਾ ਹੈ ਕਿ ਉਹ ਦੱਸਣ ਕਿ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿੰਨੇ ਨੌਜਵਾਨਾਂ ਨੂੰ ਨੌਕਰੀਆਂ ਦੁਆਈਆਂ ਗਈਆਂ ਹਨ ਜਾਂ ਪੰਜਾਬ ਲਈ ਹੋਰ ਕਿਹੜੇ ਪ੍ਰੋਜੈਕਟ ਅਤੇ ਸਕੀਮਾਂ ਪੰਜਾਬ ਚ ਲਿਆਂਦੀਆਂ ਗਈਆਂ ਹਨ।
ਅੱਜ ਇਥੋਂ ਜਾਰੀ ਬਿਆਨ ਵਿੱਚ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਦ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਲੋਕ ਮਸਲਿਆਂ ਦੇ ਹੱਲ ਕਰਨ ਦੀ ਬਜਾਏ ਭਾਵੁਕ ਮੁੱਦੇ ਚੁੱਕ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾ ਰਹੀ ਹੈ। ਉਹ ਪੰਜਾਬ ਭਾਜਪਾ ਵੱਲੋਂ ਸੂਬਾ ਸਰਕਾਰ ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਸੂਬਾ ਭਾਜਪਾ ਯੂਨਿਟ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਦੇ ਅੰਕੜੇ ਜਨਤਕ ਕਰਨ। ਉਨ੍ਹਾਂ ਭਾਜਪਾ ਆਗੂਆਂ ਨੂੰ ਪੁੱਛਿਆ ਕਿ ਉਹ ਕੇਂਦਰ ਸਰਕਾਰ ਦੀਆਂ ਹੋਰ ਕਿਹੜੀਆਂ ਸਕੀਮਾਂ ਪੰਜਾਬ ਲਈ ਲੈ ਕੇ ਆਏ ਹਨ ਇਸ ਬਾਰੇ ਵੀ ਲੋਕਾਂ ਦੇ ਸਾਹਮਣੇ ਤੱਥ ਰੱਖਣ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਥਾਨਕ ਭਾਜਪਾ ਦੇ ਆਗੂ ਤਾਂ ਪੰਜਾਬ ਨੂੰ ਕੇਂਦਰ ਤੋਂ ਜੀਐਸਟੀ ਵਿੱਚ ਮਿਲਣ ਵਾਲੀ ਹਿੱਸੇਦਾਰੀ ਵਿਚ ਰੋੜੇ ਅਟਕਾ ਰਹੇ ਹਨ ਤਾਂ ਜੋ ਸੂਬੇ ਦਾ ਵਿਕਾਸ ਨਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਫੈਸਲੇ ਅਨੁਸਾਰ ਰਾਜਾਂ ਨੂੰ ਕੇਂਦਰੀ ਜੀਐਸਟੀ ਵਿੱਚੋਂ ਹਿੱਸੇਦਾਰੀ ਸਮੇਂ ਸਿਰ ਕਿਉਂ ਨਹੀਂ ਦਿੱਤੀ ਜਾ ਰਹੀ।ਉਨ੍ਹਾਂ ਆਖਿਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਉਦੇਸ਼ ਗੈਰਭਾਜਪਾ ਰਾਜ ਸਰਕਾਰਾਂ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਦੀ ਜੀਐੱਸਟੀ ਹਿੱਸੇਦਾਰੀ ਰੋਕ ਕੇ ਮੋਦੀ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।
ਸ੍ਰੀ ਜਾਖੜ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀਆਂ ਆਰਥਿਕ ਸਮੱਸਿਆਵਾਂ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਹੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੋਟਾਂ ਦੀ ਗਿਣਤੀ ਤੋਂ ਸਿਰਫ਼ ਇੱਕ ਦਿਨ ਪਹਿਲਾਂ ਪੰਜਾਬ ਸਿਰ 31 ਹਜ਼ਾਰ ਕਰੋੜਦਾ ਕਰਜ਼ਾ ਚੜ੍ਹਾ ਗਈ ਸੀ।ਇਸ ਤੋਂ ਬਿਨਾਂ ਵੀ ਆਪਣੀਆਂ ਗਲਤ ਆਰਥਿਕ ਨੀਤੀਆਂ ਕਾਰਨ ਪਿਛਲੀ ਅਕਾਲੀ ਭਾਜਪਾ ਸਰਕਾਰ ਸੂਬੇ ਨੂੰ ਬੇਹੱਦ ਕਰਜ਼ਾਈ ਕਰ ਗਈ ਸੀ ਪਰ ਬਾਵਜੂਦ ਇਸ ਦੇ ਬਿਹਤਰ ਆਰਥਿਕ ਪ੍ਰਬੰਧ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ ਨੂੰ ਮੁੜ ਆਰਥਿਕ ਤੌਰ ਤੇ ਲੀਹ ਤੇ ਲਿਆਂਦਾ ਹੈ ਅਤੇ ਕਿਸਾਨਾਂ ਦੀ ਕਰਜ਼ ਮੁਆਫ਼ੀ, ਬਿਜਲੀ ਸਬਸਿਡੀ ਜਾਰੀ ਰੱਖਣ ਸਮੇਤ ਸਾਰੀਆਂ ਸਮਾਜਿਕ ਭਲਾਈ ਸਕੀਮਾਂ ਜਾਰੀ ਰੱਖਦਿਆਂ ਸੂਬੇ ਦੇ ਵਿਕਾਸ ਨੂੰ ਤਰਜੀਹੀ ਆਧਾਰ ਤੇ ਸ਼ੁਰੂ ਕੀਤਾ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਕੇਂਦਰ ਸਰਕਾਰ ਤੋਂ ਆਪਣੇ ਸੂਬੇ ਦੇ ਹਿੱਤ ਲਈ ਸਕੀਮਾਂ ਅਤੇ ਪ੍ਰੋਜੈਕਟ ਲਿਆ ਕੇ ਆਪਣੇ ਰਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ।