ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਜਾਗਰੂਕ
ਫਾਜ਼ਿਲਕਾ 15 ਮਈ (ਵਿਸ਼ਵ ਵਾਰਤਾ):- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਖੇਤੀਬਾੜੀ ਵਿਕਾਸ ਅਫਸਰ ਵਿਕਰਾਂਤ ਵੱਲੋਂ ਜ਼ਿਲ੍ਹੇ ਦੇ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਵਿਕਰਾਂਤ ਨੇ ਦੱਸਿਆ ਕਿ ਕਿਸਾਨ ਆਪਣੀ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧਾ ਖੇਤਾਂ ਵਿੱਚ ਹੀ ਵਾਹ ਦੇਣ ਉਸ ਉਪਰੰਤ ਨਰਮੇ ਦੀ ਬਿਜਾਈ ਕਰਨ। ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਹੀ ਨਰਮੇ ਦੀ ਫਸਲ ਨੂੰ ਕਿਸਾਨਾਂ ਨੂੰ ਖਾਦ ਦੀ ਵਰਤੋਂ ਵੀ ਬਹੁਤ ਘੱਟ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਅਨੇਕਾਂ ਰਾਹੀਗਰਾਂ ਸੜਕਾਂ ਤੇ ਲੱਗੀਆਂ ਅੱਗਾਂ ਨਾਲ ਦੁਰਘਟਨਾ ਦਾ ਸ਼ਿਕਾਰ ਵੀ ਹੁੰਦੇ ਹਨ ਤੇ ਭਿਆਨਕ ਬਿਮਾਰੀਆਂ ਸਾਹ ਅਤੇ ਚਮੜੀ ਦੀਆਂ ਉਤਪਨ ਹੁੰਦੀਆਂ ਹਨ, ਇਸ ਲਈ ਕਿਸਾਨ ਵੀਰੋ ਸਾਨੂੰ ਸਾਰਿਆਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਖੇਤੀਬਾੜੀ ਵਿਕਾਸ ਅਫਸਰ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਹੇਠ ਲਗਾਤਾਰ ਕਿਸਾਨ ਭਰਾਵਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅਨੇਕਾਂ ਹੀ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾ ਰਹੇ ਹਨ ਤੇ ਸਾਨੂੰ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਵਾਹ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣੀ ਚਾਹੀਦੀ ਹੈ। ਇਸ ਮੌਕੇ ਏਐੱਸਆਈ ਵਿਪਨ ਕੁਮਾਰ ਵੀ ਮੌਜੂਦ ਸਨ।