ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਹੁੰਦੇ ਮਾੜੇ ਪ੍ਰਭਾਵ ਤੋਂ ਕੀਤਾ ਜਾਗਰੂਕ

ਪਟਿਆਲਾ, 4 ਅਕਤੂਬਰ(ਵਿਸ਼ਵ ਵਾਰਤਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਭੁਨਰਹੇੜੀ ਤੇ ਸਨੌਰ ਦੇ ਵੱਖ-ਵੱਖ ਪਿੰਡਾ ‘ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਬਲਬੇੜਾ ਵਿੱਚ ਕੈਂਪ ਲਗਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ ਸ਼ੇਰ ਸਿੰਘ ਦੀ ਅਗਵਾਈ ‘ਚ ਲਗਾਏ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਹੀ ਜ਼ਮੀਨ ਦੇ ਬਹੁਤ ਸਾਰੇ ਖੁਰਾਕੀ ਤੱਤ ਸੜ ਕੇ ਸਵਾਹ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ।
ਕਿਸਾਨਾਂ ਨੂੰ ਸੰਬੋਧਨ ਕਰਦਿਆ ਖੇਤੀਬਾੜੀ ਵਿਕਾਸ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ‘ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਮਿੱਤਰ ਕੀੜਿਆਂ ਦੀ ਗਿਣਤੀ ਵਧਦੀ ਹੈ, ਜਿਸ ਨਾਲ ਫ਼ਸਲਾਂ ਉੱਤੇ ਹਾਨੀਕਾਰਕ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਘਟਦਾ ਹੈ ਅਤੇ ਫ਼ਸਲਾਂ ਉੱਤੇ ਕੀਟਨਾਸ਼ਕ ਅਤੇ ਉਲੀਨਾਸ਼ਕ ਦਵਾਈਆਂ ਦੀ ਵਰਤੋ ਘੱਟ ਕਰਨੀ ਪੈਂਦੀ ਹੈ।
ਕੈਂਪ ਦੌਰਾਨ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਣਕ ਦੀ ਨਵੀਂਆਂ ਕਿਸਮਾਂ, ਬੀਜ ਦੀ ਸੋਧ ਬਾਰੇ ਵੀ ਵਿਚਾਰ ਸਾਂਝੇ ਕੀਤੇ। ਬੀ.ਟੀ.ਐਮ ਨੇਹਾ ਕਥੂਰੀਆ ਵੱਲੋਂ ਆਤਮਾ ਸਕੀਮ ਅਧੀਨ ਫਾਰਮਰ ਟ੍ਰੇਨਿੰਗ, ਐਕਸਪੋਜ਼ਰ ਵਿਜ਼ਿਟ ਅਤੇ ਸਹਾਇਕ ਧੰਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸ਼੍ਰੀ ਅਨੁਰਾਗ ਅਤਰੀ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਹਾਜ਼ਰ ਆਏ ਸਾਰੇ ਕਿਸਾਨ ਦਾ ਧੰਨਵਾਦ ਕੀਤਾ। ਸ਼੍ਰੀ ਹਰਪਾਲ ਸਿੰਘ ਖੇਤੀਬਾੜੀ ਉਪ-ਨਿਰੀਖਕ, ਸੁਰੇਸ਼ ਕੁਮਾਰ, ਸ਼੍ਰੀ ਸੰਤੋਖ ਸਿੰਘ, ਅਤੇ ਸੰਦੀਪ ਸਿੰਘ ਸੈਕਟਰੀ ਸਹਿਕਾਰੀ ਸਭਾਵਾਂ ਅਤੇ ਪਿੰਡ ਬਲਬੇੜਾ, ਚੂਤੈਹਰਾ, ਅਲੀਪੁਰ ਜੱਟਾ, ਚਰਾਸੋਂ, ਕਰਹਾਲੀ ਦੇ ਅਗਾਂਹਵਧੂ ਕਿਸਾਨ ਵੀ ਮੌਕੇ ‘ਤੇ ਹਾਜ਼ਰ ਸਨ।






















