ਗਣਤੰਤਰ ਦਿਵਸ ਮੌਕੇ ਮਾਨਸਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਤਿਰੰਗਾ
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਮਾਨਸਾ, 17 ਜਨਵਰੀ(ਵਿਸ਼ਵ ਵਾਰਤਾ)- ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਸਮਾਗਮ ’ਚ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਵਿਸ਼ੇਸ ਤੌਰ ’ਤੇ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ।
ਉਨ੍ਹਾਂ ਕਾਰਜਸਾਧਕ ਅਫ਼ਸਰ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੌਕੇ ਸ਼ਹਿਰ ਦੀਆਂ ਮੁੱਖ ਥਾਵਾਂ ਅਤੇ ਚੌਂਕਾਂ ਨੂੰ ਸਜਾਉਣ ਲਈ ਸੁਚੱਜੇ ਪ੍ਰਬੰਧਤ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਪਾਰਕਿੰਗ ਦੀ ਸੁਵਿਧਾ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।