ਗੁਰਮੀਤ ਰਾਮ ਰਹੀਮ ਦੀ ਫ਼ਰਲੋ ਦੇ ਖਿਲਾਫ ਪਟੀਸ਼ਨ ਮਾਮਲੇ ‘ਚ ਹਰਿਆਣਾ ਸਰਕਾਰ ਅੱਜ ਕਰੇਗੀ ਹਾਈਕੋਰਟ ਵਿੱਚ ਜਵਾਬ ਦਾਖਲ
ਚੰਡੀਗੜ੍ਹ,21 ਫਰਵਰੀ(ਵਿਸ਼ਵ ਵਾਰਤਾ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਖਿਲਾਫ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨੋਟਿਸ ਦਾ ਅੱਜ ਹਰਿਆਣਾ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਜਾਵੇਗਾ। ਦੱਸ ਦਈਏ ਕਿ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕਾਂਡ, ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਸਮੇਤ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਡੇਰਾ ਮੁਖੀ ਨੂੰ 7 ਫਰਵਰੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਫਰਲੋ ਮਿਲੀ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਅਤੇ ਪਟੀਸ਼ਨ ਵਿੱਚ ਫਰਲੋ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਨਿਰਪੱਖਤਾ ਲਈ ਵੱਡਾ ਖਤਰਾ ਕਰਾਰ ਦਿੱਤਾ ਗਿਆ ਹੈ।ਹਾਈ ਕੋਰਟ ਨੇ ਇਸ ਮਾਮਲੇ ਦੀ ਪਿਛਲੀ ਸੁਣਵਾਈ ‘ਤੇ ਸਰਕਾਰ ਨੂੰ ਫਰਲੋ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਸੀ। ਐਡਵੋਕੇਟ ਜਨਰਲ ਬੀਆਰ ਮਹਾਜਨ ਨੇ ਇਸ ਕੇਸ ਵਿੱਚ ਮੁੱਢਲੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਇਸ ਵਿੱਚ ਡੇਰਾ ਮੁਖੀ ਨੂੰ ਦਿੱਤੀ ਗਈ ਫਰਲੋ ਨਿਯਮਾਂ ਤਹਿਤ ਦੱਸੀ ਗਈ ਸੀ। ਕਿਹਾ ਗਿਆ ਸੀ ਕਿ ਰੋਹਤਕ ਡਿਵੀਜ਼ਨ ਦੇ ਕਮਿਸ਼ਨਰ ਨੇ ਪੁਲਿਸ ਰਿਪੋਰਟ ਅਤੇ ਚੰਗੇ ਆਚਰਣ ਵਾਲੇ ਕੈਦੀਆਂ ਦੇ ਨਿਯਮਾਂ ਦੇ ਆਧਾਰ ‘ਤੇ ਰਾਮ ਰਹੀਮ ਨੂੰ ਕੁਝ ਸ਼ਰਤਾਂ ਦੇ ਨਾਲ ਫਰਲੋ ਦਿੱਤੀ ਹੈ।