ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੰਜਾਬ ਦੇ ਸਿਆਸੀ ਆਗੂ; ਕੇਂਦਰੀ ਸੁਰੱਖਿਆ ਏਜੰਸੀਆਂ ਨੇ ਡੀਜੀਪੀ ਨੂੰ ਭੇਜੀ ਸੂਚੀ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕਈ ਸਿਆਸੀ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ। ਜਾਣਕਾਰੀ ਅਨੁਸਾਰ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਹੈ। ਜਿਹਨਾਂ ਦੀ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਵੀਆਈਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫੀ ਸੰਵੇਦਨਸ਼ੀਲ ਬਣ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਦੇ ਡੀਜੀਪੀ ਨੂੰ ਭੇਜੀ ਸੂਚੀ ਵਿੱਚ 4 ਅਜਿਹੇ ਕਾਂਗਰਸੀ ਆਗੂ ਹਨ, ਜਿਨ੍ਹਾਂ ਨੂੰ ਸਭ ਤੋਂ ਜਿਆਦਾ ਖਤਰਾ ਦੱਸਿਆ ਗਿਆ ਹੈ। ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਦੇ ਨਾਂ ਸ਼ਾਮਲ ਹਨ। ਗੁਰਕੀਰਤ ਕੋਟਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਆਈਪੀ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉੱਦੋਂ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਸੁਰੱਖਿਆ ਕਟੌਤੀ ਦੀ ਖਬਰ ਲੀਕ ਹੋਣ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।