ਗੈਂਗਸਟਰ ਲਖਬੀਰ ਸਿੰਘ ਲੰਡਾ ਅੱਤਵਾਦੀ ਘੋਸ਼ਿਤ
ਚੰਡੀਗੜ੍ਹ,30ਦਸੰਬਰ(ਵਿਸ਼ਵ ਵਾਰਤਾ)- ਭਾਰਤ ਸਰਕਾਰ ਨੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਲੰਡਾ 9 ਮਈ, 2022 ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਇਸ ਮਾਮਲੇ ਵਿੱਚ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਉਹ ਫਿਲਹਾਲ ਫਰਾਰ ਹੈ ਅਤੇ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਲੰਡਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ (PKE) ਨਾਲ ਵੀ ਜੁੜਿਆ ਹੋਇਆ ਹੈ। ਇਸ ਵੇਲੇ ਕੈਨੇਡਾ ਵਿੱਚ ਬੈਠ ਕੇ ਉਹ ਭਾਰਤ ਵਿਰੁੱਧ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਤ ਹੈ।
ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਨੋਟੀਫਿਕੇਸ਼ਨ ਦੇ ਅਨੁਸਾਰ, ਲੰਡਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਉਪਕਰਣਾਂ ਦੀ ਨਿਗਰਾਨੀ ਕਰਦਾ ਹੈ। ਪੰਜਾਬ ਪੁਲਿਸ ਦੇ ਅਨੁਸਾਰ, ਲੰਡਾ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਵੱਖ-ਵੱਖ ਮਾਡਿਊਲਾਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਹਥਿਆਰ, ਆਧੁਨਿਕ ਹਥਿਆਰ, ਵਿਸਫੋਟਕ ਸਪਲਾਈ ਕਰਦਾ ਹੈ। ਪੰਜਾਬ ਦੇ ਨਾਲ-ਨਾਲ ਇਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਅੱਤਵਾਦੀ ਮਾਡਿਊਲ ਸਥਾਪਤ ਕਰਦਾ ਹੈ ਅਤੇ ਜਬਰਨ ਵਸੂਲੀ, ਕਤਲ, ਧਮਾਕੇ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਹੈ। 2021 ‘ਚ ਲੰਡਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ।