ਗੜ੍ਹਸ਼ੰਕਰ ਦੇ ਸੈਲਾ ਖੁਰਦ ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ
ਗੜ੍ਹਸ਼ੰਕਰ, 10 ਅਗਸਤ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਸੈਲਾ ਖੁਰਦ ਵਿੱਚ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਹੇ ਕਾਗਜ ਮਿੱਲ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਦੇ ਸਬੰਧ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਐੱਮ.ਪੀ ਤਿਵਾੜੀ ਨੂੰ ਮਿਲੇ ਹਲਕੇ ਦੇ ਇੱਕ ਵਫ਼ਦ ਨੇ ਉਨ੍ਹਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਜ਼ਿਕਰ ਕੀਤਾ ਸੀ, ਜਿਨ੍ਹਾਂ ਦਾ ਕਹਿਣਾ ਸੀ ਕਿ ਇਸ ਪ੍ਰਦੂਸ਼ਣ ਕਾਰਨ ਕਈ ਲੋਕ ਬਿਮਾਰ ਪੈ ਚੁੱਕੇ ਹਨ ਅਤੇ ਜਾਨਵਰਾਂ ਦੀ ਵੀ ਮੌਤ ਹੋ ਚੁੱਕੀ ਹੈ।
ਜਿਸ ਗੱਲ ਦਾ ਸਖਤ ਨੋਟਿਸ ਲੈਂਦੇ ਹੋਏ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਮਲੇ ਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਚਿੱਠੀ ਚ ਐਮ.ਪੀ ਤਿਵਾੜੀ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਮਿਲੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਲੋਕਾ ਮੁਤਾਬਕ ਪਿੰਡ ਸੈਲਾ ਖੁਰਦ ਵਿਚ ਬਣੇ ਇਕ ਕਾਗਜ਼ ਮਿੱਲ ਦੇ ਪਲਾਂਟ ਤੋਂ ਕਈ ਤਰ੍ਹਾਂ ਦਾ ਜ਼ਹਿਰੀਲਾ ਕੈਮੀਕਲ, ਗੰਦਗੀ, ਗੈਸ ਆਦਿ ਛੱਡੇ ਜਾਂਦੇ ਹਨ, ਜਿਸਦਾ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਅਤੇ ਇਲਾਕੇ ਵਸਣ ਵਾਲੇ ਜਾਨਵਰਾਂ ਦੀ ਸਿਹਤ ਉੱਪਰ ਮਾੜਾ ਅਸਰ ਪੈ ਰਿਹਾ ਹੈ। ਇਥੋਂ ਤੱਕ ਕਿ ਕਈ ਜਾਨਵਰਾਂ ਦੀ ਮੌਤ ਵੀ ਹੋ ਚੁੱਕੀ ਹੈ। ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਸਥਾਨਕ ਪੱਧਰ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ, ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੇ ਐਮ.ਪੀ ਤਿਵਾੜੀ ਨੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਚ ਲਿਆਉਣ ਦੀ ਮੰਗ ਕੀਤੀ ਹੈ।