ਗੰਨ ਕਲਚਰ ਤੇ ਕਾਬੂ ਪਾਉਣ ਲਈ ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ: 2 ਦਿਨਾਂ ‘ਚ 5 ਕੇਸ ਦਰਜ ਕਰਕੇ 5 ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ)- ਗੰਨ ਕਲਚਰ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਨੇ ਪਿਛਲੇ 2 ਦਿਨਾਂ ਵਿੱਚ ਕੁੱਲ 5 ਕੇਸ ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ ਇੱਕ 12 ਬੋਰ ਦੀ ਬੰਦੂਕ ਵੀ ਬਰਾਮਦ ਕੀਤੀ ਗਈ ਹੈ।
ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਗੰਨ ਕਲਚਰ ਵਿਰੁੱਧ ਜ਼ੀਰੋ ਟਾਲਰੈਂਸ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਫੋਟੋ, ਆਡੀਓ-ਵੀਡੀਓ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਪੋਸਟ ਅਪਲੋਡ ਨਾ ਕਰੇ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲੀਸ ਸਾਈਬਰ ਪੈਟਰੋਲਿੰਗ ਕਰ ਰਹੀ ਹੈ। ਇਸ ਤਹਿਤ ਇਕ ਵਿਸ਼ੇਸ਼ ਟੀਮ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਜ਼ਰ ਰੱਖ ਰਹੀ ਹੈ। ਇਸ ਨਾਲ ਉਨ੍ਹਾਂ ਲੋਕਾਂ ਬਾਰੇ ਪਤਾ ਲੱਗ ਸਕੇਗਾ ਜੋ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਜਾਂ ਗੰਨ ਕਲਚਰ ਨੂੰ ਵਧਾਵਾ ਦੇਣ ਵਾਲੀਆਂ ਫੋਟੋਆਂ, ਆਡੀਓ-ਵੀਡੀਓ ਅਪਲੋਡ ਕਰਨਗੇ। ਪੁਲੀਸ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।