ਚੋਣ ਕਮੀਸ਼ਨ ਨੂੰ ਝੂਠੀ ਜਾਣਕਾਰੀ ਦੇਣ ਤੇ ਆਮ ਆਦਮੀ ਪਾਰਟੀ ਉਮੀਦਵਾਰ ਖਿਲਾਫ ਮਾਮਲਾ ਦਰਜ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਚੋਣ ਕਮੀਸ਼ਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਉਹਨਾਂ ਖਿਲਾਫ ਆਈਪੀਸੀ ਦੀਆਂ ਧਾਰਾਵਾਂ 193,199 ਅਤੇ 125A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰਿਟਰਨਿੰਗ ਅਫਸਰ ਜਸਲੀਨ ਕੌਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਹਰਮੀਤ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਿੱਚ ਇਹ ਜਾਣਕਾਰੀ ਦਿੱਤੀ ਸੀ ਕਿ ਉਹਨਾਂ ਖਿਲਾਫ ਕੋਈ ਵੀ ਅਪਰਾਧਿਕ ਮੁਕੱਦਮਾ ਦਰਜ ਨਹੀਂ ਹੈ,ਪਰ ਉਹਨਾਂ ਖਿਲਾਫ ਅਪਰਾਧਿਕ ਮੁਕੱਦਮੇ ਲੰਬਿਤ ਹਨ ਅਤੇ ਬਰਨਾਲਾ ਦੀ ਅਦਾਲਤ ਵੱਲੋਂ ਉਹਨਾਂ ਨੂੰ ਅਪਰਾਧੀ ਘੋਸ਼ਿਤ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਅਤੇ ਪਟਿਆਲਾ ਵੱਲੋਂ ਰਿਟਰਨਿੰਗ ਅਫਸਰ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।