ਚੰਡੀਗੜ੍ਹ ਕੂਚ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਗੱਲਬਾਤ ਲਈ ਸੱਦੇ ਕਿਸਾਨ ਆਗੂ
ਪੜ੍ਹੋ ਕਦੋਂ ਹੋਵੇਗੀ ਮੁੱਖ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਮੁਲਾਕਾਤ
ਚੰਡੀਗੜ੍ਹ,17 ਮਈ(ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਅੱਜ ਪੰਜਾਬ ਭਰ ਤੋਂ ਭਾਰੀ ਗਿਣਤੀ ਵਿੱਚ ਕਿਸਾਨ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਵਿੱਚ ਇੱਕਠੇ ਹੋਣੇ ਸ਼ੁਰੂ ਹੋ ਗਏ ਹਨ। ਪਰ ਹੁਣ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਲਈ ਸੱਦ ਲਿਆ ਹੈ। ਇਸ ਸੰਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਲਗਭਗ 23 ਕਿਸਾਨ ਆਗੂਆਂ ਵੱਲੋਂ ਅੰਬ ਸਾਹਿਬ ਵਿੱਚ ਹੀ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵਿਚਾਲੇ ਮੀਟਿੰਗ ਦਾ ਸਮਾਂ 11 ਵਜੇ ਰੱਖਿਆ ਗਿਆ ਹੈ। ਪਰ,ਅਜੇ ਤੱਕ ਕਿਸਾਨਾਂ ਵੱਲੋਂ ਇਹ ਸਾਫ ਨਹੀਂ ਕੀਤਾ ਗਿਆ ਹੈ ਕਿ ਉਹ ਮੁੁੱਖ ਮੰਤਰੀ ਨੂੰ ਮਿਲਣਗੇ ਜਾਂ ਨਹੀਂ! ।






















