ਲੁਧਿਆਣਾ, 23 ਮਾਰਚ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਨਿਰਦੇਸ਼ ’ਤੇ ਜ਼ਿਲ੍ਹਾ ਲੁਧਿਆਣਾ ਵਿੱਚ ਵੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਮਿਤੀ 23 ਮਾਰਚ ਦੇ ਬਾਅਦ ਦੁਪਹਿਰ 2 ਵਜੇ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਇਹ ਖੁੱਲ੍ਹ ਮਿਤੀ 24 ਮਾਰਚ ਤੋਂ ਦੇਣ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਚੰਡੀਗੜ੍ਹ ਵਿੱਚ ਵੀ ਕਰਫਿਊ ਲਗਾ ਦੇਣ ਨਾਲ ਇਹ ਖੁੱਲ੍ਹ ਮਿਤੀ 25 ਮਾਰਚ ਦਿਨ ਬੁੱਧਵਾਰ ਤੋਂ ਮਿਲਣਯੋਗ ਹੋਵੇਗੀ।
ਉਨ੍ਹਾਂ ਕਿਹਾ ਕਿ ਮਿਤੀ 24 ਮਾਰਚ ਦਿਨ ਮੰਗਲਵਾਰ ਨੂੰ ਕੋਈ ਵੀ ਵਿਅਕਤੀ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇਗਾ।
ਮੰਗਲਵਾਰ ਨੂੰ ਮੁਕੰਮਲ ਕਰਫਿਊ ਰਹੇਗਾ। ਸਵੇਰੇ 6 ਵਜੇ ਤੋਂ 9 ਵਜੇ (ਤਿੰਨ ਘੰਟੇ) ਤੱਕ ਦੀ ਖੁੱਲ੍ਹ ਮਿਤੀ 25 ਮਾਰਚ ਦਿਨ ਬੁੱਧਵਾਰ ਤੋਂ ਹੀ ਦਿੱਤੀ ਜਾਵੇਗੀ।
ਸ੍ਰੀ ਅਗਰਵਾਲ ਨੇ ਲੋਕਾਂ ਨੂੰ ਕਰਫਿਊ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।