ਚੰਨੀ, ਸਿੱਧੂ ਤੇ ਰੰਧਾਵਾ ਤੋਂ ਦਵਿੰਦਰ ਸਿੰਘ ਸੋਢੀ ਨੇ ਮੰਗਿਆ ਜਵਾਬ
ਪੜ੍ਹੋ, ਕਿਹਨਾਂ ਮੁੱਦਿਆਂ ਦੇ ਇਨਸਾਫ਼ ਦੀ ਕੀਤੀ ਗੱਲ

ਬਠਿੰਡਾ, 07 ਦਸੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਅਤੇ ਜਿਲਾ ਬਠਿੰਡਾ ਦੇ ਕੋਆਰਡੀਨੇਟਰ ਦਵਿੰਦਰ ਸਿੰਘ ਸੋਢੀ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡ ਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਦਾਅਵੇ ਅਤੇ ਵਾਅਦੇ ਕਰ ਰਹੀ ਹੈ ਜਦਕਿ ਅਸਲੀਅਤ ਵਿੱਚ ਚੰਨੀ ਸਰਕਾਰ ਇਨ੍ਹਾਂ ਮਸਲਿਆਂ ਨੂੰ ਕੇਵਲ ਚੋਣਾਵੀਂ ਮੁੱਦਿਆਂ ਵਜੋਂ ਵਰਤਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ।ਸ: ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਬੇਅਦਬੀ ਅਤੇ ਗੋਲੀ ਕਾਂਡ ਜਿਹੇ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਗੰਭੀਰ ਹਨ ਤਾਂ ਚੋਣਾਂ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾਵਾਂ ਯਕੀਨੀ ਬਣਾਉਣ।
ਸ: ਸੋਢੀ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੁਰਸੀ ਲਈ ਚੱਲ ਰਹੀ ਅੰਦਰੂਨੀ ਲੜਾਈ ਕਾਰਨ ਪੰਜਾਬ ਦੇ ਹਿੱਤਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੀ ਮਨਸ਼ਾ ਇਨਸਾਫ਼ ਦੇਣ ਦੀ ਹੁੰਦੀ ਤਾਂ ਪੌਣੇ ਪੰਜ ਸਾਲਾਂ ਦੇ ਰਾਜ ਦੌਰਾਨ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਾਂ ਸਾਹਮਣੇ ਪੇਸ਼ ਕਰਦੀ। ਸ: ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਦਾ ਠਿਕਰਾ ਕੈਪਟਨ ਅਮਰਿੰਦਰ ਸਿੰਘ `ਤੇ ਫੋੜ ਰਹੀ ਹੈ ਜਦਕਿ ਚੰਨੀ ਸਰਕਾਰ ਤੋਂ ਪਹਿਲਾਂ ਪਿਛਲੇ ਸਾਢੇ ਚਾਰ ਸਾਲ ਤੋਂ ਪੰਜਾਬ ਅੰਦਰ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੈ ਪ੍ਰੰਤੀ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਇੰਝ ਗੱਲਾਂ ਕਰ ਰਹੇ ਹਨ, ਜਿਵੇਂ ਸਰਕਾਰ ਕਾਂਗਰਸ ਦੀ ਨਾ ਹੋ ਕੇ ਸਿਰਫ ਕੈਪਟਨ ਅਮਰਿੰਦਰ ਸਿੰਘ ਦੀ ਹੋਵੇ।
ਸ: ਸੋਢੀ ਨੇ ਮੁੱਖ ਮੰਤਰੀ ਚੰਨੀ, ਸਿੱਧੂ ਤੇ ਰੰਧਾਵਾ ਨੂੰ ਸਵਾਲ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੋਲੀ ਕਾਂਡ ਅਤੇ ਨਸਿ਼ਆਂ ਜਿਹੇ ਮਾਮਲਿਆਂ ਵਿੱਚ ਪੰਜਾਬੀਆਂ ਨੂੰ ਇਨਸਾਫ਼ ਕਦੋਂ ਮਿਲੇਗਾ? ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ਤੋਂ ਸੂਬੇ ਦੀ ਮੁਕੰਮਲ ਕਮਾਨ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਹੱਥ ਹੈ ਪਰ ਜ਼ਮੀਨੀ ਹਾਲਾਤ ਜਿਉਂ ਦੇ ਤਿਉਂ ਹੀ ਹਨ। ਨਵਜੋਤ ਸਿੰਘ ਸਿੱਧੂ ਪਹਿਲਾਂ ਦੀ ਤਰ੍ਹਾਂ ਹੀ ਚੰਨੀ ਸਰਕਾਰ `ਤੇ ਨਿਸ਼ਾਨੇ ਲਗਾ ਰਹੇ ਹਨ ਅਤੇ 13 ਨੁਕਤੀ ਏਜੰਡੇ ਸਬੰਧੀ ਦਾਅਵੇ ਕਰਕੇ ਮਹਿਜ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਿ਼ਸ਼ ਕਰ ਰਹੇ ਹਨ। ਦੂਜੇ ਪਾਸੇ ਚੰਨੀ ਸਾਹਿਬ ਆਏ ਦਿਨ ਦਿੱਲੀ ਦਰਬਾਰ ਦੇ ਗੇੜੇ ਲਗਾ ਰਹੇ ਹਨ ਅਤੇ ਦਿੱਲੀ ਬੈਠੇ ਹੁਕਮਰਾਨਾ ਮੁਤਾਬਕ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੋ ਕਿ ਬੀਤੇ ਸਮੇਂ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਿਆਨਬਾਜ਼ੀ ਕਰਦੇ ਰਹਿੰਦੇ ਸਨ ਹੁਣ ਸ: ਰੰਧਾਵਾ ਬੇਅਦਬੀ ਮਾਮਲੇ ਅਤੇ ਨਸਿ਼ਆਂ ਦੇ ਮਾਮਲੇ ਪ੍ਰਤੀ ਚੁੱਪ ਕਿਉਂ ਵੱਟ ਗਏ ਹਨ? ਸ: ਸੋਢੀ ਨੇ ਕਿਹਾ ਕਿ ਸ: ਰੰਧਾਵਾ ਸਿਰਫ਼ ਗੌਂਗਲੂਆਂ ਤੋਂ ਮਿੱਟੀ ਹੀ ਚਾੜ੍ਹ ਰਹੇ ਹਨ। ਸ: ਸੋਢੀ ਨੇ ਕਿਹਾ ਕਿ ਚੰਨੀ ਸਰਕਾਰ ਦੀਆਂ ਨਾਕਾਮੀਆਂ ਅਤੇ ਉਪਰੋਕਤ ਮੰਤਰੀਆਂ ਅਤੇ ਅਹੁਦੇਦਾਰਾਂ ਤੋਂ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਜਵਾਬ ਮੰਗਣਗੇ। ਝੂਠੇ ਵਾਅਦੇ ਅਤੇ ਦਾਅਵੇ ਕਰਨ ਵਾਲਿਆਂ ਨੂੰ ਨਾਮੋਸ਼ੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।






















