ਜਗਦੀਪ ਨਕੱਈ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਦੇ ਸਲਾਹਕਾਰ ਰਹੇ ਨੇਤਾ ਭਾਜਪਾ ਵਿੱਚ ਸ਼ਾਮਿਲ
ਮਾਨਸਾ,5 ਜਨਵਰੀ (ਵਿਸ਼ਵ ਵਾਰਤਾ)- ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਮਾਨਸਾ, ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਅਤੇ ਹਰਜੀਤ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਤਰਨਤਾਰਨ ਭਾਜਪਾ ਦੀ ਅਗਵਾਈ ਵਿੱਚ ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਡਾ: ਦਲਜੀਤ ਸਿੰਘ ਵੇਰਕਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਰਾਜਨੀਤਿਕ ਸਲਾਹਕਾਰ ਰਹੇ ਗੁਰਮੁੱਖ ਸਿੰਘ ਬਲੇਅਰ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਇਸ ਵੇਲੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਨ। ਜਿਨ੍ਹਾਂ ਦੀ ਅਗਵਾਈ ਵਿੱਚ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਗੇਜੇਂਦਰ ਸਿੰਘ ਸੇਖਾਵਤ ਦੀ ਮੌਜੂਦਗੀ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਲਜੀਤ ਸਿੰਘ ਵੇਰਕਾ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਰਾਜਨੀਤਿਕ ਸਲਾਹਕਾਰ ਰਹੇ ਗੁਰਮੁੱਖ ਸਿੰਘ ਬਲੇਅਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਉਕਤ ਦੋਨਾਂ ਰਾਜਨੀਤਿਕ ਵਿਅਕਤੀਆਂ ਦਾ ਅਕਾਲੀ ਦਲ ਅੰਦਰ ਵੱਡਾ ਸਥਾਨ ਸੀ, ਜਿਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਅਮਿਤ ਸ਼ਾਹ, ਵਿਜੈ ਰੂਪਾਨੀ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ ਹੈ। ਗੁਰਮੁੱਖ ਸਿੰਘ ਬਲੇਅਰ ਦਾ ਲੰਮਾ ਰਾਜਨੀਤਿਕ ਸਫਰ ਹੈ। ਉਹ ਪਿੰਡ ਦੇ ਸਰਪੰਚ ਰਹਿਣ ਤੋਂ ਇਲਾਵਾ ਮਾਰਕਿਟ ਕਮੇਟੀ ਦੇ ਡਾਇਰੈਕਟਰ, ਅਕਾਲੀ ਸਰਕਾਰ ਸਮੇਂ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਰਾਜਨੀਤਿਕ ਸਲਾਹਕਾਰ, ਐੱਨ.ਡੀ.ਆਰ.ਆਈ ਦੇ ਡਾਇਰੈਕਟਰ ਅਤੇ ਹੋਰ ਅਹੁਦਿਆਂ ਤੇ ਰਹਿ ਚੁੱਕੇ ਹਨ। ਨਕੱਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਲਗਾਤਾਰ ਪੈਰ ਪਸਾਰ ਰਹੀ ਹੈ ਜੋ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ ਅਤੇ ਹਰ ਕੋਈ ਭਾਜਪਾ ਨਾਲ ਜੁੜ ਕੇ ਆਪਣਾ ਅਤੇ ਦੇਸ਼ ਦਾ ਭਵਿੱਖ ਸੁਰੱਖਿਅਤ ਦੇਖ ਰਿਹਾ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਡਾ: ਦਲਜੀਤ ਸਿੰਘ ਵੇਰਕਾ ਅਤੇ ਗੁਰਮੁੱਖ ਸਿੰਘ ਬਲੇਅਰ ਦਾ ਸਵਾਗਤ ਕੀਤਾ ਹੈ। ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗੇਜੇਂਦਰ ਸਿੰਘ ਸੇਖਾਵਤ ਨੇ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਨੇਤਾਵਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਅੰਦਰ ਇਨ੍ਹਾਂ ਨੇਤਾਵਾਂ ਦੀ ਸ਼ਮੂਲੀਅਤ ਨਾਲ ਮਜਬੂਤੀ ਬਣੇਗੀ। ਇਸ ਮੌਕੇ ਜਿਲ੍ਹਾ ਅਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜਿਲ੍ਹਾ ਤਰਨਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਵੀ ਸ਼ਾਮਿਲ ਰਹੇ।