ਜਨਰਲ ਕੈਟਾਗਰੀ ਦਾ ਵਫ਼ਦ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮਿਲਿਆ
ਜਨਰਲ ਕੈਟਾਗਰੀ ਕਮਿਸ਼ਨ ਨੂੰ ਚਾਲੂ ਕਰਨ ਦੀ ਕੀਤੀ ਮੰਗ
ਚੰਡੀਗੜ੍ਹ,28ਜੂਨ(ਵਿਸ਼ਵ ਵਾਰਤਾ)- ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਦੀ ਅਗਵਾਈ ਵਿੱਚ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਜਨਰਲ ਕੈਟਾਗਰੀ ਦੇ ਕਮਿਸ਼ਨ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਚਾਲੂ ਕੀਤਾ ਜਾਵੇ ਅਤੇ ਜਲਦੀ ਤੋਂ ਜਲਦੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕੀਤੀ ਜਾਵੇ। ਫੈਡਰੇਸ਼ਨ ਦੇ ਆਗੂਆਂ ਜਸਵੀਰ ਸਿੰਘ ਗੋਸਲ, ਜਰਨੈਲ ਸਿੰਘ ਬਰਾੜ, ਬੰਤ ਸਿੰਘ ਭੁੱਲਰ, ਸੁਖਜੀਤ ਸਿੰਘ ਮੱਲ੍ਹੇਵਾਲ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਜਨਰਲ ਕੈਟਾਗਰੀ ਲਈ ਗੁਜਰਾਤ ਪੈਟਰਨ ਤੇ ਜਨਰਲ ਕੈਟਾਗਰੀ ਕਮਿਸ਼ਨ ਦਾ ਗਠਨ ਕੀਤਾ ਸੀ, ਜਿਸ ਦਾ ਚੇਅਰਮੈਨ ਨਵਜੋਤ ਦਹੀਆ ਨੂੰ ਲਾਇਆ ਗਿਆ ਸੀ, ਪਰ ਉਹਨਾਂ ਨੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਚੋਣ ਲੜਨ ਕਰਕੇ ਅਸਤੀਫ਼ਾ ਦੇ ਦਿੱਤਾ ਸੀ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ। ਇਸ ਸਰਕਾਰ ਨੇ ਲੱਗਭੱਗ 18 ਮਹੀਨੇ ਦਾ ਸਮਾਂ ਵੀ ਬੀਤ ਜਾਣ ਤੇ ਵੀ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਅਤੇ ਨਾ ਹੀ ਕੋਈ ਦਫਤਰ ਲਈ ਜਗ੍ਹਾ ਅਲਾਟ ਕੀਤੀ ਹੈ। ਫੈਡਰੇਸ਼ਨ ਦੇ ਧਿਆਨ ਵਿੱਚ ਆਇਆ ਹੈ ਵਾਇਸ ਚੇਅਰਮੈਨ ਅਤੇ ਇਕ ਮੈਂਬਰ ਜੋ ਕਿ ਕਾਂਗਰਸ ਸਰਕਾਰ ਨੇ ਨਿਯੁਕਤ ਕੀਤੇ ਸਨ ਨੂੰ ਵੀ ਅਜੇ ਤੱਕ ਨਹੀਂ ਹਟਾਇਆ ਗਿਆ ਅਤੇ ਨਾ ਹੀ ਉਹਨਾਂ ਨੂੰ ਕਿਤੇ ਬੈਠਣ ਲਈ ਦਫ਼ਤਰ ਦੀ ਜਗ੍ਹਾ ਅਲਾਟ ਕੀਤੀ ਹੈ।
ਫੈਡਰੇਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਵੀ ਮੰਗ ਕੀਤੀ ਕਿ ਜਨਰਲ ਕੈਟਾਗਰੀ ਦੇ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਬਿਨ੍ਹਾਂ ਕਿਸੇ ਦੇਰੀ ਤੋਂ ਕੀਤੀ ਜਾਵੇ ਅਤੇ ਬਾਕੀ ਮੈਂਬਰਾਂ ਦੀ ਨਿਯੁਕਤੀ ਕਰਕੇ ਸਟਾਫ ਅਲਾਟ ਕੀਤਾ ਜਾਵੇ ਤਾਂ ਕਿ ਜਨਰਲ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।