
ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਹੋਰ ਪੁਲਿਸ ਕਰਮੀ ਅਤੇ ਸਿਵਲ ਅਮਲਾ ਤਾਇਨਾਤ ਕਰਨ ਦੀਆਂ ਹਦਾਇਤਾਂ
ਸ਼ਹਿਰ ‘ਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਫਲੈਗ ਮਾਰਚ ਦੀ ਅਗਵਾਈ
ਜਲੰਧਰ 14 ਅਪ੍ਰੈਲ 2020( ਵਿਸ਼ਵ ਵਾਰਤਾ)- ਫ਼ਲ ਅਤੇ ਸਬਜ਼ੀ ਮੰਡੀ ਮਕਸੂਦਾਂ ਵਿੱਚ ਵਿਕਰੇਤਾਵਾਂ ਵਲੋਂ ਸਮਾਜਿਕ ਦੂਰੀ ਅਤੇ ਹੋਰ ਵਰਤੀਆਂ ਜਾਣ ਵਾਲੀਆਂ ਜਰੂਰੀ ਸਾਵਧਾਨੀਆਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕ ਕੋਰੋਨਾ ਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਦੌਰਾਨ ਰੋਜ਼ਾਨਾ ਸਮਾਜਿਕ ਦੂਰੀ ਨੂੰ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਾਉਣ ਅਤੇ ਹੱਥਾਂ ਨੂੰ ਧੋਣ ਸਬੰਧੀ ਅਨਾਊਂਸਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਫ਼ਲ ਤੇ ਸਬਜ਼ੀ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜ਼ੀ ਅਤੇ ਜ਼ਿਲਾ ਮੰਡੀ ਅਫ਼ਸਰ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ।
ਉਨਾਂ ਕਿਹਾ ਕਿ ਮੰਡੀ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਜ਼ਿਆਦਾ ਪੁਲਿਸ ਅਤੇ ਸਿਵਲ ਅਮਲਾ ਤਾਇਨਾਤ ਕਰਨ ਤੋਂ ਇਲਾਵਾ ਫਲ ਤੇ ਸਬਜ਼ੀ ਵਿਕਰੇਤਾਵਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਅਤੇ ਦਸਤਾਨੇ ਪਹਿਨਣ ਅਤੇ ਨਿਯਮਤ ਤੌਰ ‘ਤੇ ਹੱਥਾਂ ਨੂੰ ਧੌਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਅਨਾਊਂਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਵਲੋਂ ਮੰਡੀ ਦੇ ਗੇਟ ਉਤੇ ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦੀ ਡਾਕਟਰੀ ਜਾਂਚ ਸਬੰਧੀ ਵੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਡਾਕਟਰਾਂ ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਉਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲਾ ਵਾਸੀਆਂ ਦੀ ਸੇਵਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ•ਂ ਇਹ ਵੀ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਲਈ ਤਤਪਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ ਕਿਉਂਕਿ ਸਮੁੱਚਾ ਜ਼ਿਲਾ ਪ੍ਰਸ਼ਾਸਨ ਉਨਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਫਲੈਗ ਮਾਰਚ ਜੋ ਕਿ ਕੋਰਟ ਕੰਪਲੈਕਸ ਚੌਕ, ਹੋਟਲ ਕਮਲ ਪੇਲੈਸ ਚੌਕ,ਲਾਲ ਬਹਾਦਰ ਸ਼ਾਸ਼ਤਰੀ ਮਾਰਕਿਟ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾ ਗੇਟ, ਟਾਂਡਾ ਰੋਡ, ਦੁਆਬਾ ਚੌਕ, ਸੋਢਲ ਚੌਕ, ਚੰਦਨ ਨਗਰ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਡਾ.ਬੀ.ਆਰ.ਅੰਬਦੇਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਲੱਘਿਆ ਦੀ ਅਗਵਾਈ ਕੀਤੀ ਗਈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਵਿਸਵਾਸ਼ ਦੁਆਇਆ ਕਿ ਜ਼ਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹਰ ਤਰਾਂ ਦੇ ਕਦਮ ਉਠਾਏ ਜਾਣਗੇ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿ ਕੇ ਕੋਰੋਲਾ ਵਾਇਰਸ ਨੂੰ ਦੂਰ ਰੱਖਣ ਲਈ ਜ਼ਿਲਾ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।





















