ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 100 ਫੀਸਦੀ ਕਣਕ ਦੀ ਖਰੀਦ
ਕਿਸਾਨਾਂ ਨੂੰ ਕੀਤੀ 92.54 ਕਰੋੜ ਰੁਪਏ ਦੀ ਅਦਾਇਗੀ- ਏ ਡੀ ਸੀ ਜਸਬੀਰ ਸਿੰਘ
ਏ ਡੀ ਸੀ ਨੇ ਅਧਿਕਾਰੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਖਰੀਦੀ ਕਣਕ ਦੀ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਨਵਾਂਸ਼ਹਿਰ, 19 ਅਪ੍ਰੈਲ(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਈ ਹੁਣ ਤੱਕ ਦੀ ਕਣਕ ਦੀ 100 ਫੀਸਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਨੂੰ 92.54 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਰੀਬ 66007 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਏਜੰਸੀਆਂ ਵੱਲੋਂ ਫਸਲ ਵਿੱਚ ਪੁੱਜੀ ਕਣਕ ਦੀ ਨਾਲੋਂ ਨਾਲ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਣਕ ਦੀ ਭਰਮਾਰ ਨਾ ਹੋਵੇ ਅਤੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਕਣਕ ਦੀ ਲਿਫਟਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਲਈ ਲੋੜੀਂਦੀ ਥਾਂ ਵੀ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਕਿ ਰੋਜ਼ਾਨਾ ਆਉਂਦੀ ਕਣਕ ਢੇਰੀ ਕਰਨ ਵਿੱਚ ਮੁਸ਼ਕਿਲ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ। ਏ ਡੀ ਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਨਿਰਵਿਘਨ ਅਤੇ ਨਿਰੰਤਰ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ ਆਦਿ ਹਾਜ਼ਰ ਸਨ।























