ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ਾਂਤੀਪੂਰਨ ਤੇ ਨਿਰਪੱਖ ਵਿਧਾਨ ਸਭਾ ਚੋਣਾਂ ਲਈ ਪੁਖਤਾ ਪ੍ਰਬੰਧ
ਸਵੇਰੇ 9 ਵਜੇ ਤੋਂ ਰਵਾਨਾ ਹੋਣਗੀਆਂ ਪੋਲਿੰਗ ਪਾਰਟੀਆਂ
ਜਿਲ੍ਹਾ ਚੋਣ ਅਫਸਰ ਤੇ ਐਸ.ਐਸ.ਪੀ. ਵਲੋਂ ਰਿਟਰਨਿੰਗ ਅਫਸਰਾਂ ਤੇ ਸੁਰੱਖਿਆ ਬਲਾਂ ਨੂੰ ਸ਼ਰਾਰਤੀ ਅਨਸਰਾਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ
ਕਪੂਰਥਲਾ, 18 ਫਰਵਰੀ (ਵਿਸ਼ਵ ਵਾਰਤਾ);-ਕਪੂਰਥਲਾ ਜਿਲ੍ਹੇ ਵਿਚ ਵਿਧਾਨ ਸਭਾ ਚੋਣਾਂ 2022 ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਜਾਂ ਭੈਅ ਤੋਂ ਆਪਣੀ ਵੋਟ ਪਾ ਸਕਣ।
ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਸ਼੍ਰੀ ਦਿਆਮਾ ਹਰੀਸ਼ ਓਮ ਪ੍ਰਕਾਸ਼ ਵਲੋਂ ਅੱਜ ਜਿਲ੍ਹਾ ਵਾਸੀਆਂ ਦੇ ਰੂ-ਬਰੂ ਹੁੰਦਿਆਂ ਕਿਹਾ ਗਿਆ ਕਿ ਲੋਕ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਵਿਚ ਵੱਧ ਚੜਕੇ ਹਿੱਸਾ ਲੈਣ।
ਉਨ੍ਹਾਂ ਰਿਟਰਨਿੰਗ ਅਫਸਰਾਂ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਾਂਤੀਪੂਰਨ ਚੋੋਣਾਂ ਦੌਰਾਨ ਪੂਰੀ ਮੁਸਤੈਦੀ ਰੱਖਣ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਸਖਤੀ ਨਾਲ ਪੇਸ਼ ਆਇਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋਣ ਤੋਂ ਇਲਾਵਾ ਹਲਕਿਆਂ ਤੋਂ ਬਾਹਰੀ ਵਿਅਕਤੀ ਤੁਰੰਤ ਹਲਕੇ ਨੂੰ ਛੱਡ ਦੇਣ।
ਐਸ.ਐਸ.ਪੀ. ਕਪੂਰਥਲਾ ਨੇ ਦੱਸਿਆ ਕਿ ਪੂਰੇ ਜਿਲ੍ਹੇ ਵਿਖੇ ਵੋਟਿੰਗ ਦੌਰਾਨ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ 4000 ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ 46 ਕੁਇਕ ਰਿਸਪਾਂਸ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਜਿਆਦਾਤਰ ਪੋਲਿੰਗ ਬੂਥਾਂ ਵਿਖੇ ਕੇਂਦਰੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਪੋਲਿੰਗ ਬੂਥਾਂ ਨੂੰ ਵੈਬ ਕਾਸਟਿੰਗ ਰਾਹੀਂ ਕਵਰ ਕੀਤਾ ਗਿਆ ਹੈ, ਜਿਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਬਣਾਇਆ ਗਿਆ ਹੈ।























