ਜੇਕਰ ਕਿਸੇ ਨੂੰ ਲੱਗਦਾ ਹੈ ਕਿ ਹੁਸ਼ਿਆਰਪੁਰ ਅਕਾਲੀ-ਭਾਜਪਾ ਦਾ ਗੜ੍ਹ ਹੈ, ਤਾਂ ਉਸ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ – ‘ਆਪ’ ਗੜ੍ਹਾਂ ਨੂੰ ਤੋੜਨਾ ਚੰਗੀ ਤਰ੍ਹਾਂ ਜਾਣਦੀ ਹੈ – ਡਾ.ਚੱਬੇਵਾਲ
ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- ਚੱਬੇਵਾਲ, (ਹੁਸ਼ਿਆਰਪੁਰ) ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ‘ਆਪ’ ਪਰਿਵਾਰ ਦੇ ਧੰਨਵਾਦੀ ਹਨ ਕਿ ਉਨ੍ਹਾਂ ‘ਤੇ ਭਰੋਸਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਉਮੀਦਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਮਿਲੇ ਹਾਂ-ਪੱਖੀ ਹੁੰਗਾਰੇ ਤੋਂ ਉਹ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਲੋਕ ਮਹਿਸੂਸ ਕਰ ਰਹੇ ਹਨ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਇਹ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸਣ ਦੀ ਵੀ ਲੋੜ ਨਹੀਂ ਹੈ, ਲੋਕ ਪਹਿਲਾਂ ਹੀ ਮਾਨ ਸਰਕਾਰ ਦੇ ਕੰਮਾਂ ਤੋਂ ਜਾਣੂ ਹਨ ਅਤੇ ਬਹੁਤ ਖ਼ੁਸ਼ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਕਹਿੰਦੇ ਹਨ ਕਿ ਬਿਜਲੀ ਦਾ ਬਿੱਲ ਜ਼ੀਰੋ ਹੋਣ ਨਾਲ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬੱਚਤ ਹੁੰਦੀ ਹੈ, ਮੁਹੱਲਾ ਕਲੀਨਿਕ ਵਿੱਚ ਮੁਫ਼ਤ ਦਵਾਈਆਂ ਮਿਲਦੀਆਂ ਹਨ, ਸਾਡੇ ਬੱਚੇ ਸਰਕਾਰੀ ਨੌਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਹਰ ਕਦਮ ਤੋਂ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਜੱਗ ਜ਼ਾਹਿਰ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਹ ਸਮਝਦਾ ਹੈ ਕਿ ਹੁਸ਼ਿਆਰਪੁਰ ਅਕਾਲੀ-ਭਾਜਪਾ ਦਾ ਗੜ੍ਹ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ‘ਆਪ’ ਗੜ੍ਹਾਂ ਨੂੰ ਤੋੜਨਾ ਚੰਗੀ ਤਰ੍ਹਾਂ ਜਾਣਦੀ ਹੈ।