ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ
ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ (26 ਅਪ੍ਰੈਲ) ਅਤੇ ਤੀਜੇ (7 ਮਈ) ਪੜਾਅ ਦੀ ਵੋਟਿੰਗ ਦੌਰਾਨ ਜੇਲ ‘ਚ ਰਹਿਣਗੇ। ਕੇਜਰੀਵਾਲ ਤੋਂ ਇਲਾਵਾ ਬੀਆਰਐਸ ਆਗੂ ਕੇ. ਕਵਿਤਾ ਅਤੇ ਇਕ ਹੋਰ ਦੋਸ਼ੀ ਚਰਨਪ੍ਰੀਤ ਦੀ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਣਵਾਈ ਦੌਰਾਨ ਕਿਹਾ ਕਿ ਕੇ. ਕਵਿਤਾ ਦੇ ਮਾਮਲੇ ‘ਚ ਏਜੰਸੀ 60 ਦਿਨਾਂ ‘ਚ ਚਾਰਜਸ਼ੀਟ ਦਾਖਲ ਕਰੇਗੀ।
ਜ਼ਿਕਰਯੋਗ ਹੈ ਕਿ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 22 ਮਾਰਚ ਨੂੰ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਅਤੇ ਹੁਣ ਕੇਜਰੀਵਾਲ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਹੈ।