ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ,1 ਜੂਨ (ਵਿਸ਼ਵ ਵਾਰਤਾ):- ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰੈਸ ਦੀ ਆਜ਼ਾਦੀ ਨੂੰ “ਦਬਾਉਣ” ਲਈ ਕਾਨੂੰਨ ਦੀ “ਪੂਰੀ ਤਰ੍ਹਾਂ ਨਾਲ ਦੁਰਵਰਤੋਂ” ਕੀਤੇ ਜਾਣ ਬਾਰੇ ਦੱਸਿਆ।
ਸ਼ੇਰਗਿੱਲ ਨੇ ਨੱਡਾ ਨੂੰ ਕਿਹਾ ਕਿ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਮੀਡੀਆ ਏਜੰਸੀਆਂ ਨੂੰ ਧਮਕੀਆਂ ਦੇ ਕੇ ਬੋਲਣ ਦੀ ਆਜ਼ਾਦੀ ‘ਤੇ ਰੋਕ ਲਗਾ ਰਹੀ ਹੈ। ਉਨ੍ਹਾਂ ਨੇ ਨੱਡਾ ਨੂੰ ਦੱਸਿਆ ਕਿ ਨਿਯਮਾਂ ਦੀ ਘੋਰ ਉਲੰਘਣਾ ਕਰਦੇ ਹੋਏ, ਟਾਈਮਜ਼ ਨਾਓ ਦੀ ਇੱਕ ਮਹਿਲਾ ਰਿਪੋਰਟਰ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ “ਆਲੀਸ਼ਾਨ ਬੰਗਲੇ” ਦਾ ਪਰਦਾਫਾਸ਼ ਕਰਨ ਲਈ ਗ੍ਰਿਫਤਾਰ ਕੀਤਾ ਸੀ।
ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਹੁਣ ਇੱਕ ਨਾਮਵਰ ਸਥਾਨਕ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਬਹੁਤ ਜਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੇਵਜ੍ਹਾ ਤਲਬ ਕੀਤਾ ਜਾ ਰਿਹਾ ਹੈ। ਸ਼ੇਰਗਿੱਲ ਨੇ ਕਿਹਾ ਕਿ ਸੱਤਾ ਦੇ ਨਸ਼ੇ ‘ਚ ਧੁੱਤ ‘ਆਪ’ ਬ੍ਰਿਗੇਡ ਨੂੰ ਸੱਚ ਅਤੇ ਨਿਡਰ ਮੀਡੀਆ ਤੋਂ ਇੰਨੀ ਐਲਰਜੀ ਹੋ ਗਈ ਹੈ ਕਿ ਪੰਜਾਬ ਦੇ ਇਕ ਮੰਤਰੀ ਇੰਦਰਬੀਰ ਨਿੱਝਰ ਨੂੰ ਵੀ ਹਮਦਰਦ ਦੇ ਹੱਕ ‘ਚ ਬੋਲਣ ‘ਤੇ ਅਸਤੀਫਾ ਦੇਣਾ ਪਿਆ ਹੈ।
ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੇ ਅਹਿਮ ਮੁੱਦੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਦੇ ਸ਼ਾਸਨ ਦੌਰਾਨ ਪੰਜਾਬ ‘ਜੰਗਲ ਰਾਜ’ ਹੈ। ਉਨ੍ਹਾਂ ਨੱਡਾ ਨੂੰ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਟੁੱਟ ਚੁੱਕੀ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ।
ਇਸ ਦੌਰਾਨ, ਜੱਲੀਕੱਟੂ ਖੇਡ ਨੂੰ ਮਨਜ਼ੂਰੀ ਦੇਣ ਵਾਲੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਮੱਦੇਨਜ਼ਰ, ਸ਼ੇਰਗਿੱਲ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਹੋਣ ਵਾਲੀ ਕਿਲਾ ਰਾਏਪੁਰ ਪੇਂਡੂ ਓਲੰਪਿਕ ਵਿੱਚ ਬੈਲਗੱਡੀਆਂ ਦੀ ਦੌੜ ਨੂੰ ਜਲਦੀ ਸ਼ੁਰੂ ਕਰਨ ਲਈ ਨੱਡਾ ਤੋਂ ਸਹਾਇਤਾ ਦੀ ਮੰਗ ਕੀਤੀ। ਬਾਅਦ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਨੱਡਾ ਨਾਲ ਹੋਈ ਮੀਟਿੰਗ ਲਾਹੇਵੰਦ ਰਹੀ ਅਤੇ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਦੇ ਸਾਰੇ ਮੁੱਦਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।