ਮੋਹਾਲੀ 8 ਜੂਨ (ਸਤੀਸ਼ ਕੁਮਾਰ ਪੁੱਪੀ )- ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 31 ਸਾਲ ਪੁਰਾਣੇ ਫ਼ਰਜ਼ੀ ਮੁਕਾਬਲੇ ਦੇ ਕੇਸ ਵਿਚ ਸ਼ੁਕਰਵਾਰ ਨੂੰ ਆਪਣਾ ਫੈਸਲਾ ਸੁਣਾਉਂਦਿਆਂ ਸਾਬਕਾ DSP ਨੂੰ ਉਮਰ ਕੈਦ, ਸਾਬਕਾ DIG ਨੂੰ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇੱਕ ਦਿਨ ਪਹਿਲਾਂ ਇਨ੍ਹਾਂ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸੁਣਵਾਈ ਦੌਰਾਨ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਨਾਮਜ਼ਦ ਤਿੰਨ ਪੁਲਿਸ ਮੁਲਾਜ਼ਮਾਂ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ‘ਚ 26 ਜੁਲਾਈ, 1993 ਨੂੰ ਪੁਲਿਸ ਨੇ ਫ਼ਰਜ਼ੀ ਮੁਕਾਬਲੇ ਵਿੱਚ ਗੁਲਸ਼ਨ ਕੁਮਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਪਰਿਵਾਰ ਨੂੰ ਉਸ ਦੀ ਲਾਸ਼ ਤੱਕ ਨਹੀਂ ਮਿਲੀ ਸੀ।