ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀਸੀ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਵਿਸ਼ਵ ਵਾਰਤਾ)-ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 15 ਦਸੰਬਰ ਤੱਕ ਲਾਗੂ ਰਹਿਣਗੇ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਉਹਨਾਂ ਦੱਸਿਆ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਹਵਾ ਵਿੱਚ ਪ੍ਰਦੂਸ਼ਨ ਫੈਲਦਾ ਹੈ, ਉਥੇ ਅੱਗ ਲਗਾਉਣ ਨਾਲ ਜਮੀਨ ਵਿੱਚਲੇ ਜੀਵਕ ਮਾਦਾ (ਮੱਲੜ) ਜੋ ਕਿ ਜਮੀਨ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ। ਉਹਨਾਂ ਅੱਗੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਸੜਕਾਂ ’ਤੇ ਵੱਡੇ-ਵੱਡੇ ਹਾਦਸੇ ਵੀ ਵਾਪਰਣ ਨਾਲ ਮਨੁੱਖੀ ਜਾਨਾਂ ਦਾ ਨੁਕਸਾਨ ਹੋਣ ਦਾ ਹਮੇਸ਼ਾ ਖਤਰਾ ਰਹਿੰਦਾ ਹੈ ਅਤੇ ਆਵਾਜਾਈ ਵਿੱਚ ਵੀ ਭਾਰੀ ਵਿਘਨ ਪੈਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਵਾਪਰਣ ਵਾਲੀਆਂ ਘਟਨਾਵਾ ਨੂੰ ਰੋਕਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ 15 ਦਸੰਬਰ ਤੱਕ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਦੇ ਇਹਨਾਂ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।























