ਢੋਆ-ਢੁਆਈ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਜ਼ਮਾਨਤ, 20 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ 17 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਦੇ ਮਸ਼ਹੂਰ ਟਰਾਂਸਪੋਰਟ ਟੈਂਡਰ ਘੁਟਾਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਅੱਜ ਵੀ ਮੁਲਤਵੀ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਇਹ ਕੇਸ ਕੱਲ੍ਹ ਵੀ ਸੁਣਵਾਈ ਲਈ ਸੂਚੀਬੱਧ ਸੀ, ਪਰ ਸੁਣਵਾਈ ਨਾ ਹੋਣ ਕਾਰਨ ਅੱਜ 17 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਨੇ 16 ਅਗਸਤ 2022 ਨੂੰ ਆਸ਼ੂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਆਸ਼ੂ ਵੱਲੋਂ ਪਾਈ ਗਈ ਜ਼ਮਾਨਤ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਸੀ । ਇਸ ‘ਤੇ ਦੋਸ਼ੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਆਸ਼ੂ ਨੂੰ ਹੁਣ ਤੱਕ ਰਾਹਤ ਨਹੀਂ ਮਿਲੀ ਹੈ।