ਟਰਾਂਸਪੋਰਟ ਟੈਂਡਰ ਘੁਟਾਲਾ ਵਿੱਚ ਗ੍ਰਿਫਤਾਰ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਲਾਂ ਵਿੱਚ ਵਾਧਾ, ਸਰਕਾਰ ਨੇ ਵਿਜੀਲੈਂਸ ਨੂੰ ਕੇਸ ਚਲਾਉਣ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ 28 ਨਵੰਬਰ(ਵਿਸ਼ਵ ਵਾਰਤਾ) – ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਨੂੰ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਸ਼ੂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ। ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ (ਆੜ੍ਹਤੀਆ) ਕ੍ਰਿਸ਼ਨ ਲਾਲ ਧੋਤੀਵਾਲਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।