ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਟਰੱਕ ਯੂਨੀਅਨ ਨੂੰ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ
ਐੱਸ.ਏ.ਐੱਸ ਨਗਰ, 3 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਪੰਜਾਬ ਵਿੱਚ ਟਰੱਕ ਯੂਨੀਅਨ ਦੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਟਰੱਕ ਯੂਨੀਅਨ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਬੁੱਧਵਾਰ ਟਰੱਕ ਯੂਨੀਅਨ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਦੇ ਸਕਾਰਾਤਮਕ ਨਤੀਜ਼ੇ ਸਾਹਮਣੇ ਆਉਣ ਦੀ ਉਮੀਦ ਕੀਤੀ ਹੈ। ਸ ਦਵਿੰਦਰ ਸਿੰਘ ਸੋਢੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯੂਨੀਅਨ ਦੀਆਂ ਵਾਜਬ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪਾਰਟੀ ਨੇ ਟਰੱਕ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਹਰ ਸੰਭਵ ਮਦਦ ਦੇਣ ਦਾ ਭੋਰਸਾ ਵੀ ਦਿੱਤਾ ਹੈ। ਸ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿੱਚ ਭੰਗ ਕੀਤੀਆਂ ਗਈਆਂ ਟਰੱਕ ਯੂਨੀਅਨ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਟਰੱਕ ਯੂਨੀਅਨ ਦੇ ਆਗੂ ਪਿਛਲੇ ਲੰਮੇਂ ਸਮੇਂ ਤੋਂ ਸੜਕਾਂ `ਤੇ ਲਗਾਤਾਰ ਧਰਨੇ `ਤੇ ਬੈਠੇ ਹਨ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕਈਂ ਵਾਰੀ ਰੋਸ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਪਰ ਪਿਛਲੀ ਕਾਂਗਰਸ ਸਰਕਾਰ ਦੀ ਤਰ੍ਹਾਂ ਵਰਤਮਾਨ ਮਾਨ ਸਰਕਾਰ ਵੀ ਟਰੱਕ ਯੂਨੀਅਨ ਦੀ ਆਵਾਜ਼ ਨਹੀਂ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਹੀਂ ਦਿੰਦੀ ਹੈ ਤਾਂ ਪੰਜਾਬ ਸਰਕਾਰ ਦੇ ਖ਼ਿਲਾਫ਼ ਟਰੱਕ ਯੂਨੀਅਨ ਦੇ ਸੰਘਰਸ਼ ਵਿਚ ਪੂਰੀ ਤਨਦੇਹੀ ਨਾਲ ਸ਼ਮੂਲੀਅਤ ਕਰੇਗਾ।