ਵਾਪਰਿਆ ਭਿਆਨਕ ਸੜਕ ਹਾਦਸਾ
ਟਾਇਰ ਫਟਣ ਨਾਲ ਪਲਟੀ ਸਕਾਰਪੀਓ ਕਾਰ
ਦੋ ਔਰਤਾਂ ਤੇ ਇਕ ਨੌਜਵਾਨ ਦੀ ਮੌਕੇ ਤੇ ਮੌਤ, ਕਈ ਹਨ ਗੰਭੀਰ ਜਖ਼ਮੀ

ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ) ਜਲੰਧਰ ਦੇ ਵਿਧੀਪੁਰ ਫਾਟਕ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇਕ ਸਕਾਰਪੀਓ ਕਾਰ ਟਾਇਰ ਫਟਣ ਕਾਰਨ ਪਲਟ ਗਈ। ਇਸ ਵਾਪਰੇ ਦਰਦਨਾਕ ਹਾਦਸੇ ਵਿੱਚ 3ਲੋਕਾਂ ਦੀ ਮੌਤ ਹੋ ਗਈ ਅਤੇ 6ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮਿਲੀ ਹੈ ਕਿ ਕਾਰ ਵਿੱਚ 9ਲੋਕ ਸਵਾਰ ਸਨ। ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਕਾਰ ਦੇ ਟਾਇਰ ਫਟਣ ਕਾਰਨ ਵਾਪਰਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਕਾਰ ਬਹੁਤ ਤੇਜ਼ ਰਫਤਾਰ ਤੇ ਸੀ ਅਤੇ ਧਮਾਕੇ ਨਾਲ ਟਾਇਰ ਫਟ ਗਿਆ। ਟਾਇਰ ਫਟਣ ਦੇ ਕਾਰਨ ਕਾਰ ਤਿੰਨ ਵਾਰ ਪਲਟ ਗਈ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਮਕਸੂਦਾਂ ਥਾਣੇ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਹਾਲੇ ਤੱਕ ਹੋਸ਼ ਨਹੀਂ ਆਈ ਹੈ। ਗੰਭੀਰ ਰੂਪ ਨਾਲ ਜ਼ਖਮੀ 6ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਦੇ ਰਜਿਸਟਰੇਸ਼ਨ ਨੰਬਰ ਦੇ ਆਧਾਰ ਤੇ ਕਾਰ ਸਵਾਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮਕਸੂਦਾਂ ਥਾਣੇ ਦੇ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ ਨਾਲ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।






















