ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਨਵਾਂਸ਼ਹਿਰ, 16 ਦਸੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਇਸ ਨਾਲ ਹੋਰ ਨਵੀਆਂ ਗਤੀਵਿਧੀਆਂ ਜੋੜਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸੇ ਤਰਾਂ ਉਨਾਂ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਪਰਾਲੇ ਕਰਨ ਅਤੇ ਉਨਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨਾਂ ਜ਼ਿਲੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜੀ. ਓ. ਜੀਜ਼ ਦੇ ਜ਼ਿਲਾ ਇੰਚਾਰਜ ਕਰਨਲ ਚੂਹੜ ਸਿੰਘ, ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ, ਜ਼ਿਲਾ ਯੂਥ ਕੋਆਰਡੀਨੇਟਰ ਵੰਦਨਾ ਲੌਅ, ਜ਼ਿਲਾ ਗਾਈਡੈਂਸ ਕਾਊਂਸਲਰ ਬਲਦੀਸ਼ ਲਾਲ, ਜਸਵਿੰਦਰ ਸਿੰਘ, ਹਰਮਨਦੀਪ ਸਿੰਘ ਅਤੇ ਰਾਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।