ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਦਾ ਮੌਕੇ ਤੇ ਜਾ ਕੇ ਲਿਆ ਜਾਇਜ਼ਾ
ਲੋਕਾਂ ਨੂੰ ਪਰਿਵਾਰਾਂ ਸਮੇਤ ਆ ਕੇ ਮੇਲੇ ਦੀ ਰੌਣਕ ਵਧਾਉਣ ਦਾ ਸੱਦਾ
ਕਪੂਰਥਲਾ,19 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਕਾਂਜਲੀ ਵੈੱਟਲੈਂਡ ਵਿਖੇ ਕਰਵਾਏ ਜਾ ਰਹੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਮੌਕੇ ਤੇ ਜਾ ਕੇ ਜਾਇਜ਼ਾ ਲਿਆ ਗਿਆ।
23 ਅਪਰੈਲ ਨੂੰ ਸਵੇਰੇ 11 ਵਜੇ ਤੋਂ ਰਾਤ ਤੱਕ ਚੱਲਣ ਵਾਲੇ ਇਸ ਮੇਲੇ ਲਈ ਪੁਖਤਾ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਂਜਲੀ ਵੈੱਟਲੈਂਡ ਦੀ ਪਹਿਚਾਣ ਨੂੰ ਦੁਬਾਰਾ ਉਭਾਰਨ ਲਈ 20 ਸਾਲ ਬਾਅਦ ਹੋਣ ਵਾਲੇ ਵਿਸਾਖੀ ਮੇਲੇ ਦੌਰਾਨ ਲੋਕਾਂ ਦੇ ਮਨੋਰੰਜਨ,ਸੁਰੱਖਿਆ,ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸਾਖੀ ਮੇਲੇ ਦੌਰਾਨ ਕੁਸ਼ਤੀ ਦੇ ਨਾਲ-ਨਾਲ ਵੱਖ-ਵੱਖ ਟੀਮਾਂ ਵਲੋਂ ਗਤਕੇ ਦੇ ਜੋਹਰ ਵੀ ਦਿਖਾਈ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਵੈੱਟਲੈਂਡ ਵਿਚੋਂ ਬੂਟੀ ਕੱਢਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿਚ ਆ ਕੇ ਮੇਲੇ ਦੀ ਰੋਣਕ ਵਧਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਅਨੁਪਮ ਕਲੇਰ, ਐਸ.ਡੀ.ਐਮ ਜੈਇੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।























