ਡਿਪਟੀ ਕਮਿਸ਼ਨਰ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 29 ਦਸੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਉਨਾਂ ਦਸੰਬਰ ਮਹੀਨੇ ਲਗਾਏ ਗਏ ਪਲੇਸਮੈਂਟ ਕੈਂਪਾਂ ਅਤੇ ਲੋਨ ਮੇਲਿਆਂ ਸਬੰਧੀ ਵੇਰਵਾ ਲਿਆ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ ਗਿਆ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੜੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਘੱਟ ਪੜੇ-ਲਿਖੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਇਸ ਦੌਰਾਨ ਉਨਾਂ ਹੁਨਰ ਵਿਕਾਸ ਮਿਸ਼ਨ ਤਹਿਤ ਕੀਤੇ ਗਏ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਉਣ ਵਾਲੇ ਸਮੇਂ ਵਿਚ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿਚ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।






















