ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਕੰਮਾਂ ਵਿਚ ਤੇਜੀ ਲਿਆਉਣ ਦੇ ਹੁਕਮ
7 ਥਾਵਾਂ ’ਤੇ ਸੂਰਜੀ ਊਰਜਾ ਪ੍ਰਾਜੈਕਟਾਂ ਦਾ ਕੰਮ 20 ਅਕਤੂਬਰ ਤੱਕ ਹੋਵੇਗਾ ਮੁਕੰਮਲ
ਕਪੂਰਥਲਾ, 8 ਅਕਤੂਬਰ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਕੀ ਨਗਰੀ ਦੇ ਸਰਬਪੱਖੀ ਵਿਕਾਸ ਲਈ ਕੰਮਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ।
ਅੱਜ ਇੱਥੇ ਸਮਾਰਟ ਸਿਟੀ ਤਹਿਤ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਲੋਂ ਸੀਵਰੇਜ਼ ਟ੍ਰੀਟਮੈਂਟ ਪਲਾਂਟ, ਸੂਰਜੀ ਊਰਜਾ ਪ੍ਰਾਜੈਕਟਾਂ,ਕਿਲ੍ਹਾ ਸਰਾਏ ਦਾ ਨਵੀਨੀਕਰਨ, ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕਰਨ, ਕਾਲੀ ਵੇਂਈ ਦੀ ਲਾਈਨਿੰਗ,ਆਕਸੀਜਨ ਪਲਾਂਟ ਦੀ ਸਥਾਪਨਾ ਬਾਰੇ ਕੰਮਾਂ ਦਾ ਮੁਲਾਂਕਣ ਕੀਤਾ ਗਿਆ। ਉਨਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ 26 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂਦੁਆਰਾ ਸ੍ਰੀ ਸੰਤਘਾਟ ਤੱਕ ਪਵਿੱਤਰ ਕਾਲੀ ਵੇਂਈ ਦੀ ਲਾਈਨਿੰਗ, ਪੱਥਰ ਲਾਉਣ ਅਤੇ ਰੇਲਿੰਗ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ। ਇਸ ਤੋਂ ਇਲਾਵਾ ਸੁਲਤਾਨਪੁਰ ਡਰੇਨ ਦੀ ਰੀਲਾਇਨਿੰਗ ਤੋਂ ਉਸਦੇ ਆਸੇ-ਪਾਸੇ 12 ਹਜ਼ਾਰ ਫੁੱਟ ਲੰਬੀ ਗਰਿੱਲ ਅਤੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਕੀਤਾ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਆਕਸੀਜ਼ਨ ਪਲਾਂਟ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਬੋਰਡ ਵਲੋਂ ਮੁੱਢਲਾ ਢਾਂਚਾ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਆਕਸੀਜਨ ਪਲਾਂਟ 18 ਅਕਤੂਬਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਆਕਸੀਜਨ ਪਲਾਂਟ ਚਾਲੂ ਕਰ ਦਿੱਤਾ ਜਾਵੇਗਾ।
ਉਨਾਂ ਸਰਕਾਰੀ ਸਕੂਲ ਲੜਕੀਆਂ,ਪ੍ਰਾਇਮਰੀ ਸਕੂਲ ਅਤੇ ਸਮਾਰਟ ਆਂਗਣਵਾੜੀ ਦੀ ਸਥਾਪਨਾ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਰਟ ਸਕੂਲਾਂ ਦੀ ਪਰਿਭਾਸ਼ਾ ਅਨੁਸਾਰ ਲੋੜੀਂਦੀ ਸਮੱਗਰੀ,ਵਸਤੂਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ।
ਇਸ ਤੋਂ ਇਲਾਵਾ ਉਨਾਂ ਪੰਜਾਬ ਊਰਜਾ ਵਿਕਾਸ ਏਜੰਸੀ ਵਲੋਂ ਸੁਲਤਾਨਪੁਰ ਸ਼ਹਿਰ ਵਿਚ ਸੂਰਜੀ ਊਰਜਾ ਦੇ ਪ੍ਰਾਜੈਕਟਾਂ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ। ਇਸ ਤਹਿਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 150 ਕਿਲੋਵਾਟ,ਨਗਰ ਕੌਂਸਲ ਦਫਤਰ ਵਿਖੇ 10 ਕਿਲੋਵਾਟ,ਸਰਕਾਰੀ ਸਕੂਲ (ਲੜਕੇ) ਵਿਖੇ 20 ਅਤੇ ਪੀ.ਡਬਲਯੂ.ਡੀ ਅਤੇ ਬੀ.ਡੀ.ਪੀ. ਓ ਦਫਤਰ ਵਿਖੇ 15-15 ਕਿਲੋਵਾਟ ਦੇ ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤੇ ਜਾਣੇ ਹਨ। ਇਨਾਂ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਇਸਨੂੰ 20 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।