ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ
ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਕੁਮਾਰ ਅਮਿਤ
ਪਟਿਆਲਾ, 27 ਜੁਲਾਈ(ਵਿਸ਼ਵ ਵਾਰਤਾ):ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਲੀਕੇ, ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਅਤੇ ਸਮਾਂਬੱਧ ਬਣਾਉਣ ਦੇ ਯਤਨਾਂ ਵਜੋਂ, ਇਨ੍ਹਾਂ ਪ੍ਰਾਜੈਕਟਾਂ ਦੀ ਉਸਾਰੀ ਪ੍ਰਗਤੀ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਲਈ ਉਲੀਕੇ ਗਏ ਵਿਸ਼ੇਸ਼ ਪ੍ਰਾਜੈਕਟਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਦੇਖ-ਰੇਖ ਹੇਠ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ।
ਸ੍ਰੀ ਕੁਮਾਰ ਅਮਿਤ ਨੇ ਅਲਟਰਾ ਮਾਡਰਨ ਨਵੇਂ ਬੱਸ ਅੱਡੇ ਦੀ ਉਸਾਰੀ, ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਮਲਟੀਲੈਵਲ ਪਾਰਕਿੰਗ, ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ ਅਤੇ ਡੇਅਰੀਆਂ ਨੂੰ ਸ਼ਹਿਰ ਵਿੱਚੋਂ ਤਬਦੀਲ ਕਰਨ ਦੇ ਪ੍ਰਾਜੈਕਟਾਂ ਦੀ ਤਾਜਾ ਸਥਿਤੀ ਦਾ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼ਾਮ ਲਾਲ ਗਰਗ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਵਹੀਕਲਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ 11.13 ਕਰੋੜ ਰੁਪਏ ਦੀ ਲਾਗਤ ਨਾਲ, 312 ਕਾਰਾਂ ਦੀ ਸਮਰੱਥਾ ਵਾਲੀ, ਨਵੀਂ ਉਸਾਰੀ ਗਈ 5 ਮੰਜ਼ਿਲਾ ਪਾਰਕਿੰਗ ਦੇ ਮੁਕੰਮਲ ਹੋਣ ਮਗਰੋਂ, ਉਸ ਨੂੰ ਉਦਘਾਟਨ ਲਈ ਤਿਆਰ ਕੀਤੇ ਜਾਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇੱਥੇ ਜਮੀਨਦੋਜ਼, ਜਮੀਨੀਤਲ ਤੋਂ ਇਲਾਵਾ 3 ਹੋਰ ਮੰਜ਼ਿਲਾਂ ਹਨ, ਜਿਨ੍ਹਾ ‘ਚ ਦੋ ਲਿਫ਼ਟਾਂ, ਵਾਹਨਾਂ ਲਈ ਰੈਂਪ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ, ਸੋਲਰ ਪੈਨਲ ਆਦਿ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪਾਰਕਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਹੁਣ ਇਸਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਡੈਂਟਲ ਕਾਲਜ ਦਾ ਵੀ ਜਾਇਜ਼ਾ ਲਿਆ, ਜਿੱਥੇ ਕਿ 546.19 ਲੱਖ ਰੁਪਏ ਦੀ ਲਾਗਤ ਨਾਲ ਜਮੀਨੀ ਤਲ ਸਮੇਤ 4 ਮੰਜ਼ਿਲਾ ਸੀ-ਬਲਾਕ ਇਮਾਰਤ ਬਣਾਈ ਗਈ ਹੈ, ਜਿਹੜੀ ਕਿ ਏ ਅਤੇ ਬੀ ਬਲਾਕ ਨਾਲ ਜੁੜਦੀ ਹੈ, ਇਸ ‘ਚ ਲਿਫ਼ਟ, ਪਹਿਲੀ ਮੰਜ਼ਿਲ ‘ਤੇ ਓਪਰੇਸ਼ਨ ਥੀਏਟਰ, ਪ੍ਰੀਖਿਆ ਹਾਲ, ਦੂਜੀ ਮੰਜਿਲ ‘ਤੇ 184 ਕੁਰਸੀਆਂ ਵਾਲਾ ਆਡੀਟੋਰੀਅਮ ਬਣਾਇਆ ਗਿਆ ਹੈ।
ਸ੍ਰੀ ਕੁਮਾਰ ਅਮਿਤ ਨੇ ਸਬੰਧਤ ਅਧਿਕਾਰੀਆਂ ਨੂੰ ਕਰੀਬ 550 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਲਮੀ ਪੱਧਰ ਦੀ ਕੰਪਨੀ ਐਲ ਐਂਡ ਟੀ ਇਨਫਰਾਸਟੱਕਚਰ ਕੰਪਨੀ ਵੱਲੋਂ ਮਾਰਚ, 2022 ਤੱਕ ਨਹਿਰੀ ਪਾਣੀ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ 60 ਫੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ।
ਸ੍ਰੀ ਕੁਮਾਰ ਅਮਿਤ ਨੇ ਇਸ ਤੋਂ ਇਲਾਵਾ ਰਾਜਪੁਰਾ ਰੋਡ ਬਾਈਪਾਸ ‘ਤੇ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਅਲਟਰਾ ਮਾਡਲ ਨਵੇਂ ਬੱਸ ਅੱਡੇ ਅਤੇ ਇਸ ਦੇ ਸਾਹਮਣੇ ਨਵੇਂ ਬਣਨ ਵਾਲੇ 265 ਮੀਟਰ ਲੰਮੇ ਫਲਾਈਓਵਰ ਦੇ ਜੰਗੀ ਪੱਧਰ ‘ਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਕੰਮ ਦੀਪ੍ਰਗਤੀ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਦੀ ਉਸਾਰੀ ਦਾ ਕਾਰਜ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ ਨੇ ਦੱਸਿਆ ਕਿ ਇਸ ਦੇ ਪਹਿਲੇ ਪੜਾਅ ਦਾ ਕੰਮ ਨਵੰਬਰ ਮਹੀਨੇ ‘ਚ ਮੁਕੰਮਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਇਸ ਤੋਂ ਬਾਅਦ ਪਟਿਆਲਾ ਸ਼ਹਿਰ ਵਿੱਚੋਂ ਡੇਅਰੀਆਂ ਨੂੰ ਬਾਹਰ ਤਬਦੀਲ ਕਰਨ ਵਾਲੇ ਅਬਲੋਵਾਲ ਵਿਖੇ ਪ੍ਰਾਜੈਕਟ ਦੇ 10 ਕਰੋੜ ਰੁਪਏ ਦੀ ਲਾਗਤ ਵਾਲੇ 22 ਏਕੜ ਜਮੀਨ ‘ਚ 134 ਪਲਾਟਾਂ ਦੇ ਪਹਿਲੇ ਪੜਾਅ ਦੇ ਕੰਮ ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਦੱਸਿਆ ਕਿ ਇਥੇ ਗੋਬਰ ਗੈਸ ਪਲਾਂਟ, ਐਸ.ਟੀ.ਪੀ., ਸਟਰੀਟ ਲਾਈਟ, ਪਾਣੀ ਲਈ ਟਿਊਬਵੈਲ ਤੇ ਨਹਿਰੀ ਪਾਣੀ ਦਾ ਪ੍ਰਬੰਧ, ਪਾਰਕ, ਪਸ਼ੂਪਾਲਣ ਦਾ ਪੋਲੀਕਲਿਨਿਕ, ਚਾਰੇ ਪਾਸੇ ਗਰਿਲਾਂ ਤੇ ਚਾਰਦਿਵਾਰੀ ਦਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਦੂਜੇ ਪੜਾਅ ਲਈ ਕਰੀਬ 12 ਕਰੋੜ ਰੁਪਏ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 134 ਵਿੱਚੋਂ 84 ਡੇਅਰੀ ਮਾਲਕਾਂ ਨੇ ਨਿਗਮ ਦੀਆਂ ਸ਼ਰਤਾਂ ਮੁਤਾਬਕ ਪਲਾਟ ਦੀ ਕੁਲ ਰਾਖਵੀਂ ਕੀਮਤ ਦਾ 5 ਫੀਸਦੀ ਭਰ ਕੇ ਅਲਾਟਮੈਂਟ ਲੈਕੇ ਉਸਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ 2021 ਤੋਂ ਬਾਅਦ ਸ਼ਹਿਰ ਅੰਦਰ ਕੋਈ ਡੇਅਰੀ ਨਹੀਂ ਰਹੇਗੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸਾਰੇ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਸਨਮੁੱਖ ਪੇਸ਼ ਕੀਤੀ ਜਾਂਦੀ ਹੈ ਅਤੇ ਉਹ ਖ਼ੁਦ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ।