ਡਿਪਟੀ ਕਮਿਸ਼ਨਰ ਵੱਲੋਂ ਯੂਨੀਕ ਹੋਮ ਅਤੇ ਪੁਸ਼ਪਾ ਨਾਰੀ ਨਿਕੇਤਨ ਦਾ ਨਿਰੀਖਣ
ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦਾ ਦਿਵਾਇਆ ਭਰੋਸਾ

ਜਲੰਧਰ, 14 ਫਰਵਰੀ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਲੰਧਰ-ਨਕੋਦਰ ਰੋਡ ‘ਤੇ ਸਥਿਤ ਯੂਨੀਕ ਹੋਮ ਅਤੇ ਪੁਸ਼ਪਾ ਗੁਜਰਾਲ ਨਾਰੀ ਨਿਕੇਤਨ ਵਿਖੇ ਬੇਸਹਾਰਾ/ਅਨਾਥ ਬੱਚਿਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਦੋਵਾਂ ਸੰਸਥਾਵਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਉਨ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਸਬੰਧੀ ਸਹੂਲਤਾਂ ਦੀ ਇੰਨ-ਬਿੰਨ ਪਾਲਣਾ ਕੀਤੇ ਜਾਣ ਨੂੰ ਯਕੀਨੀ ਬਣਾਉਣ ।
ਉਨ੍ਹਾਂ ਸੰਸਥਾਵਾਂ ਵੱਲੋਂ ਬੱਚਿਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਦੋਵਾਂ ਕੇਂਦਰਾਂ ਵਿੱਚ ਹੋਰ ਸਹੂਲਤਾਂ ਤੋਂ ਇਲਾਵਾ ਉਨ੍ਹਾਂ ਸਥਾਨਾਂ ਦੀ ਵੀ ਚੈਕਿੰਗ ਕੀਤੀ, ਜਿਥੇ ਬੱਚੇ ਰਹਿ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨਾਰੀ ਨਿਕੇਤਨ ਵਿਚ ਚਲਾਈ ਗਈ ਚਾਈਲਡ ਹੈਲਪਲਾਈਨ (1098) ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਇਥੇ ਰਹਿਣ ਵਾਲੀਆਂ ਲੜਕੀਆਂ ਦੀ ਸੁਰੱਖਿਆ ਅਤੇ ਚੰਗੇ ਵਾਤਾਵਰਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਇਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਤਨਦੇਹੀ ਅਤੇ ਮਿਹਨਤ ਨਾਲ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਬੱਚੇ ਆਪਣੀ ਜ਼ਿੰਦਗੀ ਸਵੈਮਾਨ ਨਾਲ ਜੀਣ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਸਮਾਜ ਪ੍ਰਤੀ ਸੇਵਾਵਾਂ ਲਈ ਦੋਵਾਂ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਜ਼ਰੂਰਤ ਲਈ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰ ਸਕਦੇ ਹਨ ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਸਮੇਂ-ਸਮੇਂ ‘ਤੇ ਦੌਰੇ ਕਰਦੇ ਰਹਿਣ ਲਈ ਕਿਹਾ ਤਾਂ ਜੋ ਅਜਿਹੀਆਂ ਸੰਸਥਾਵਾਂ ਵਿੱਚ ਬੇਸਹਾਰਾ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਨਿਯਮਿਤ ਤੌਰ ‘ਤੇ ਨਜ਼ਰ ਰੱਖੀ ਜਾ ਸਕੇ।
ਇਸ ਮੌਕੇ ਡੀਪੀਓ ਗੁਰਮਿੰਦਰ ਸਿੰਘ ਰੰਧਾਵਾ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਬਾਲ ਸੁਰੱਖਿਆ ਅਫ਼ਸਰ ਹਰਨੀਤ ਕੌਰ ਅਤੇ ਹੋਰ ਮੌਜੂਦ ਸਨ।






















