ਡਿਪਟੀ ਕਮਿਸ਼ਨਰ ਵੱਲੋਂ ਵੈਕਸੀਨੇਸ਼ਨ ਪ੍ਰਕਿਰਿਆ ਵਿਚ ਤੇਜੀ ਲਿਆਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਲੋਕਾਂ ਅੰਦਰ ਵੈਕਸੀਨ ਲਗਵਾਉਣ ਪ੍ਰਤੀ ਲਿਆਂਦੀ ਜਾਵੇ ਜਾਗਰੂਕਤਾ
ਫਾਜ਼ਿਲਕਾ 6 ਅਪ੍ਰੈਲ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ `ਤੇ ਠਲ ਪਾਉਣ ਲਈ ਵੈਕਸੀਨੇਸ਼ਨ ਪ੍ਰਕਿਰਿਆ `ਚ ਤੇਜੀ ਲਿਆਉਣ ਦੇ ਮੰਤਵ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ੳਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਪ੍ਰਤੀ ਸਿਹਤ ਵਿਭਾਗ ਦੀਆਂ ਟੀਮਾਂ ਕੈਂਪ ਲਗਾ ਕੇ ਵੱਧ ਤੋਂ ਵੱਧ ਜਾਗਰੂਕ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 5571 ਵਿਅਕਤੀਆਂ ਨੂੰ ਪ੍ਰਤੀ ਦਿਨ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ 137 ਟੀਮਾਂ ਵੱਲੋਂ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਆਰੰਭੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜਾਨਾਂ ਦੇ ਆਧਾਰ `ਤੇ ਕੁਲ ਜ਼ਿਲੇ੍ਹ ਅੰਦਰ 5571 ਵੈਕਸੀਨੇਸ਼ਨ ਦੇ ਟੀਚੇ ਵਿਚ ਅਬੋਹਰ ਤਹਿਸੀਲ ਵਿਚ ਲਗਭਗ 2300, ਫਾਜਿਲਕਾ ਵਿਚ 1900 ਅਤੇ ਜਲਾਲਾਬਾਦ ਵਿਚ 1400 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਟ-ਸਪੋਟ ਇਲਾਕਿਆਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਾਟ-ਸਪੋਟ ਏਰੀਆ ਵਿਚ ਪਹਿਲ ਦੇ ਆਧਾਰ `ਤੇ ਵੈਕਸੀਨੇਸ਼ਨ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਸਬੰਧਤ ਐਸ.ਡੀ.ਐਮਜ਼ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤਹਿਸੀਲ ਵਿਚ ਨਿਗਰਾਨੀ ਰੱਖਣ ਤੇ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਲਗਾਉਣ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਲਈ ਵੈਕਸੀਨੇਸ਼ਨ ਲਗਵਾਉਣ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ੍ਹ ਅੰਦਰ 4622 ਕਰੋਨਾ ਪਾਜੀਟਿਵ ਆਏ ਹਨ ਜਿਸ ਵਿਚੋਂ 4264 ਜਣੇ ਕਰੋਨਾ ਨੂੰ ਮਾਤ ਦੇ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਥੇ ਅੱਜ 51 ਜਣੇ ਪਾਜੀਟਿਵ ਆਏ ਹਨ ਉਥੇ 29 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸਾਂ ਦੀ ਗਿਣਤੀ 275 ਹੋ ਗਈ ਹੈ ਅਤੇ 83 ਜਣਿਆਂ ਦੀ ਮੌਤ ਹੋ ਚੁੱਕੀ ਹੈ।
ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਕਰੋਨਾ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਵੈਕਸੀਨ ਜ਼ਰੂਰ ਲਗਵਾਉਣ ਤਾਂ ਜ਼ੋ ਕਰੋਨਾ ਤੋਂ ਪੀੜਤ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੂਤ ਵਜੋਂ ਕੋਈ ਵੀ ਪਹਿਚਾਣ ਪਤਰ ਲੈ ਕੇ ਸਿਹਤ ਵਿਭਾਗ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ ਜਾ ਸਕਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀ ਆਪਣੇ ਨੇੜਲੇ ਸਿਹਤ ਕੇਂਦਰ ਵਿਖੇ ਜਾ ਕੇ ਵੈਕਸੀਨ ਜ਼ਰੂਰ ਲਗਵਾਉਣ।ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਹਦਾਇਤਾਂ ਮੁਤਾਬਕ ਮਾਸਕ ਜ਼ਰੂਰ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਹੱਥਾਂ ਨੂੰ ਵਾਰ-ਵਾਰ ਧੋਣ ਅਤੇ ਭੀੜ ਵਾਲੀ ਜਗ੍ਹਾਂ ਜਾਣ ਤੋਂ ਗੁਰੇਜ਼ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਮੈਡਮ ਕਵਿਤਾ, ਡੀ.ਪੀ.ਐਮ. ਰਾਜੇਸ਼ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।