ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਡਿਪਟੀ ਕਮਿਸ਼ਨਰ
ਕਣਕ ਦੀ ਵਢਾਈ ਤੇ ਮੰਡੀਆਂ ਵਿੱਚ ਖ਼ਰੀਦ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਬਣਾਈ ਜਾ ਰਹੀ ਹੈ ਯਕੀਨੀ
ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ( ਵਿਸ਼ਵ ਵਾਰਤਾ)-ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਸਬੰਧੀ ਜਿ਼ਲ੍ਹੇ ਵਿੱਚ 33 ਮੰਡੀਆਂ ਦੇ ਨਾਲ ਨਾਲ 24 ਸ਼ੈਲਰਾਂ ਦੀ ਵੀ ਖਰੀਦ ਕੇਂਦਰਾਂ ਵਜੋਂ ਵਰਤੋਂ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਸ਼ੈਲਰਾਂ ਨੂੰ ਵੀ ਇਸ ਘੇਰੇ ਵਿੱਚ ਲਿਆਂਦਾ ਜਾਵੇਗਾ। ਕਣਕ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅਮਲੋਹ ਅਨਾਜ ਮੰਡੀ ਸਮੇਤ ਜਿ਼ਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਜਿ਼ਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੀ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਮੰਡੀਆਂ ਤੇ ਸ਼ੈਲਰਾਂ ਵਿੱਚ ਫਸਲ ਉਤਾਰਨ ਲਈ ਵਿਸ਼ੇਸ਼ ਮਾਰਕਿੰਗ ਕੀਤੀ ਗਈ ਹੈ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋੜੀਂਦਾ ਫਾਸਲਾ ਬਣਾ ਕੇ ਰੱਖਿਆ ਜਾ ਸਕੇ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਕਿਸਾਨਾਂ ਨੂੰ ਆੜ੍ਹਤੀਆਂ ਜ਼ਰੀਏ ਟੋਕਨ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਕਿਸਾਨ ਨੂੰ ਜਿਹੜੇ ਦਿਨ ਦਾ ਟੋਕਨ ਮਿਲੇਗਾ ਉਹ ਉਸੇ ਦਿਨ ਹੀ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਵੇਗਾ। ਇਸ ਨਾਲ ਮੰਡੀ ਵਿੱਚ ਭੀੜ ਹੋਣ ਤੋਂ ਬਚਾਅ ਹੋਵੇਗਾ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਡੀ.ਸੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿ ਕੇ ਹੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਮੌਕੇ ਐਸ.ਪੀ.(ਡੀ) ਹਰਪਾਲ ਸਿੰਘ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਡੀ.ਐਸ.ਪੀ. ਸੁਖਵਿੰਦਰ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।