ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 14 ਫਰਵਰੀ(ਵਿਸ਼ਵ ਵਾਰਤਾ)ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ ਨੂੰ ਚੌੜਾ ਕਰਨ ਅਤੇ ਉਨ੍ਹਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪਟਿਆਲਾ-ਸਮਾਣਾ-ਪਾਤੜਾਂ ਦੀ ਸਲਿਪ ਰੋਡ (ਐਸ.ਐਚ-10), ਸਮਾਣਾ ਬਾਈਪਾਸ ਕਰਮਗੜ੍ਹ ਰੋਡ, ਚੰਡੀਗੜ੍ਹ-ਹਿਸਾਰ ਰੋਡ, ਸਮਾਣਾ-ਭਵਾਨੀਗੜ੍ਹ ਰੋਡ, ਪਟਿਆਲਾ-ਪਿਹੋਵਾ ਰੋਡ, ਸਰਹਿੰਦ-ਪਟਿਆਲਾ ਰੋਡ ਸਮੇਤ ਸੀਵਰੇਜ, ਵਾਟਰ ਸਪਲਾਈ ਅਤੇ ਜ਼ਿਲ੍ਹੇ ‘ਚ ਚੱਲ ਰਹੇ ਡਰੇਨਾਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਪਾਸੋਂ ਪ੍ਰਾਪਤ ਕੀਤੀ ਜਾਣ ਵਾਲੀ ਐਨ.ਓ.ਸੀ. ਸਬੰਧੀ ਜੰਗਲਾਤ ਵਿਭਾਗ ਨਾਲ ਤੁਰੰਤ ਰਾਬਤਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਿਥੇ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਕੀਤਾ ਜਾਣਾ ਹੈ ਉਥੇ ਜ਼ਿਆਦਾਤਰ ਕੇਸਾਂ ਵਿੱਚ ਜੰਗਲਾਤ ਵਿਭਾਗ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨੀ ਜ਼ਰੂਰੀ ਹੈ ਤੇ ਇਸ ਮੀਟਿੰਗ ਦਾ ਮੁੱਖ ਮਕਸਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੇ ਪੀ.ਡਬਲਿਊ.ਡੀ., ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦਾ ਆਪਸੀ ਤਾਲਮੇਲ ਕਰਵਾਉਣਾ ਤਾਂ ਜੋ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਕੇਸ ਵਿਭਾਗਾਂ ਵੱਲੋਂ ਆਨਲਾਈਨ ਐਨ.ਓ.ਸੀ. ਲਈ ਭੇਜੇ ਜਾਂਦੇ ਹਨ ਉਨ੍ਹਾਂ ਸਬੰਧੀ ਜੰਗਲਾਤ ਵਿਭਾਗ ਨਾਲ ਰਾਬਤਾ ਰੱਖਿਆ ਜਾਵੇ ਤਾਂ ਜੋ ਕੰਮ ‘ਚ ਹੋਰ ਤੇਜ਼ੀ ਆ ਸਕੇ।