ਡੀਜੀਪੀ ਗੌਰਵ ਯਾਦਵ ਨੂੰ ਸੈਂਟਰਲ ਐਡਮਿਨਿਸਟੇਸ਼ਨ ਟ੍ਰਿਬਿਊਨਲ ਤੋਂ ਵੱਡੀ ਰਾਹਤ
ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਵੱਲੋਂ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਕੈਟ ਨੇ ਰੱਦ ਕਰ ਦਿੱਤਾ। ਦੱਸ ਦਈਏ ਕਿ ਡੀਜੀਪੀ ਵੀ.ਕੇ. ਭੰਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ ਦਾਇਰ ਪਟੀਸ਼ਨ ‘ਚ ਕਿਹਾ ਸੀ ਕਿ ਗੌਰਵ ਯਾਦਵ ਦੀ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤੀ ਯੂ.ਪੀ.ਐਸ.ਸੀ. (UPSC) ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਮੁਤਾਬਕ ਨਹੀਂ ਕੀਤੀ ਗਈ ਹੈ। ਇਸਤੋਂ ਇਲਾਵਾ ਨਿਯੁਕਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵੀ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਡੀਜੀਪੀ ਅਹੁਦੇ ‘ਤੇ ਤੈਅ ਨਿਯਮਾਂ ਅਨੁਸਾਰ ਨਿਯੁਕਤੀ ਕਰਨ ਦੀ ਗੱਲ ਕਹਿ ਚੁੱਕਾ ਹੈ। ਚਿੱਠੀ ‘ਚ ਪੰਜਾਬ ਸਰਕਾਰ ਨੂੰ ਕਿਹਾ ਗਿਆ ਸੀ ਕਿ ਭੰਵਰਾ 1987 ਬੈਚ ਦੇ ਅਧਿਕਾਰੀ ਹਨ ਤਾਂ ਗੌਰਵ ਯਾਦਵ 1992 ਬੈਚ ਦੇ ਹਨ, ਜਿਸ ਤਹਿਤ ਗੌਰਵ ਯਾਦਵ ਉਨ੍ਹਾਂ ਤੋਂ ਜੂਨੀਅਰ ਹਨ ਅਤੇ ਇਸ ਨਿਯੁਕਤੀ ਵਿੱਚ ਸੀਨੀਅਰਤਾ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ।
ਹਾਲਾਂਕਿ ਗੌਰਵ ਯਾਦਵ ਜੁਲਾਈ 2022 ਤੋਂ ਇਸ ਅਹੁਦੇ ‘ਤੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਲਗਭਗ 2 ਸਾਲ ਹੋ ਚੁੱਕੇ ਹਨ, ਪਰ ਇਹ ਪਟੀਸ਼ਨ ਲਗਭਗ ਇਕ ਸਾਲ ਬਾਅਦ ਪਿਛਲੇ ਸਾਲ ਉਨ੍ਹਾਂ ਦੀ ਨਿਯੁਕਤੀ ਖਿਲਾਫ਼ ਦਾਇਰ ਕੀਤੀ ਗਈ ਸੀ, ਜਿਸ ਨੂੰ ਕੈਟ ਨੇ ਅੱਜ ਪਟੀਸ਼ਨ ਦੇਰ ਨਾਲ ਦਾਇਰ ਕਰਨ ਦੇ ਆਧਾਰ ‘ਤੇ ਰੱਦ ਕਰ ਦਿੱਤਾ ਹੈ। ਵੀਕੇ ਭੰਵਰਾ ਨੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੇ ਹੋਏ ਕੈਟ ਵਿੱਚ ਆਪਣੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਇਹ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਫਿਲਹਾਲ ਵਿਸਤ੍ਰਿਤ ਆਰਡਰ ਸ਼ਾਮ ਤੱਕ ਆ ਜਾਵੇਗਾ। ਇਸ ਨਾਲ ਇਹ ਸਪੱਸ਼ਟ ਹੋ ਸਕੇਗਾ ਕਿ ਕਿਹੜੇ-ਕਿਹੜੇ ਮੁੱਦਿਆਂ ‘ਤੇ ਚਰਚਾ ਹੋਈ ਅਤੇ ਕਿਸ ‘ਤੇ ਬਹਿਸ ਹੋਈ। ਤੁਹਾਨੂੰ ਦੱਸ ਦੇਈਏ ਕਿ ਗੌਰਵ ਯਾਦਵ ਪੰਜਾਬ ਪੁਲਿਸ ਦੇ ਮੌਜੂਦਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਹਨ। ਉਹ 1992 ਬੈਚ ਦਾ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ ਅਤੇ ਪਿਛਲੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ। 5 ਜੁਲਾਈ, 2023 ਤੱਕ, ਯਾਦਵ ਪੰਜਾਬ ਪੁਲਿਸ ਵਿਭਾਗ ਵਿੱਚ ਕਾਰਜਕਾਰੀ ਡੀਜੀਪੀ ਵਜੋਂ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਅਧਿਕਾਰੀ ਹਨ।