ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਸ਼ਾਮਿਲ ਸ਼ੂਟਰਾਂ ਦੀ ਹੋਈ ਪਛਾਣ, 24 ਘੰਟਿਆਂ ਬਾਅਦ ਵੀ ਖਾਲੀ ਹੱਥ ਪੁਲਿਸ
ਚੰਡੀਗੜ੍ਹ 11 ਨਵੰਬ(ਵਿਸ਼ਵ ਵਾਰਤਾ) – ਬੀਤੇ ਕੱਲ੍ਹ ਫਰੀਦਕੋਟ ‘ਚ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸ਼ੂਟਰਾਂ ਦੀ ਪਛਾਣ ਵੀ ਪੁਲਿਸ ਨੇ ਕਰ ਲਈ ਹੈ। ਇਨ੍ਹਾਂ ਵਿੱਚੋਂ 4 ਸ਼ੂਟਰ ਹਰਿਆਣਾ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ। ਜਿਹਨਾਂ ਦੀ ਭਾਲ ਵਿੱਚ ਪੁਲਿਸ ਵੱਲੋਂ ਫਿਰੋਜ਼ਪੁਰ, ਫਰੀਦਕੋਟ ਅਤੇ ਖਰੜ-ਮੁਹਾਲੀ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਅਪਲੋਡ ਕਰਕੇ ਇਸ ਕਤਲ ਦੀ ਜਿੰਮੇਵਾਰੀ ਲਈ ਹੈ। ਫਿਲਹਾਲ ਪੰਜਾਬ ਪੁਲਸ ਦੇ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਦੂਜੇ ਪਾਸੇ ਪੰਜਾਬ ਪੁਲਿਸ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪ੍ਰਦੀਪ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਸਥਾਨਕ ਨਾਮਚਰਚਾ ਘਰ ਵਿੱਚ ਰੱਖ ਦਿੱਤਾ ਅਤੇ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਾ ਕਰਨ ਦੀ ਗੱਲ ਆਖੀ ਹੈ।
ਇਸ ਮਾਮਲੇ ਦਾ ਨੋਟਿਸ ਲੈਂਦਿਆਂ ਹੋਇਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਹਮਲਾਵਰਾਂ ਨੂੰ ਜਲਦੀ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ ਪਰ ਪੰਜਾਬ ਪੁਲਿਸ ਕਤਲ ਦੇ 24 ਘੰਟਿਆਂ ਬਾਅਦ ਵੀ ਪੁਲਿਸ ਖਾਲੀ ਹੱਥ ਹੈ। ਪੁਲਿਸ ਦੀਆਂ ਕਈ ਟੀਮਾਂ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਦੇ ਨਾਲ ਹੀ ਪੰਜਾਬ ਦੀਆਂ ਜੇਲ੍ਹਾਂ ‘ਚੋਂ ਹਾਲ ਹੀ ‘ਚ ਜ਼ਮਾਨਤ ‘ਤੇ ਬਾਹਰ ਆਏ ਦੋਸ਼ੀਆਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਸੁਰਾਗ ਲੱਭਿਆ ਜਾ ਸਕੇ।