ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਰਾਮ ਰਹੀਮ ਦੇ ਨਾਲ 4 ਹੋਰ ਦੋਸ਼ੀਆਂ ਨੂੰ ਵੀ ਉਮਰ ਕੈਦ
ਚੰਡੀਗੜ੍ਹ,18 ਅਕਤੂਬਰ, (ਵਿਸ਼ਵ ਵਾਰਤਾ)- ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਅੱਜ ਸੀਬੀਆਈ ਦੀ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ ਅਤੇ ਉਸਦੇ ਨਾਲ ਹੋਰ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। । ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ । ਰਾਮ ਰਹੀਮ ਸਮੇਤ ਅਵਤਾਰ,ਜਸਵੀਰ,ਕ੍ਰਿਸ਼ਨ ਅਤੇ ਸਬਦਿਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ।
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਜੋ ਕਿ ਕੁਰੁਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਦਾ ਰਹਿਣ ਵਾਲਾ ਸੀ,ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿਤਾ ਸੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਸੀ । ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁੰਮਨਾਮ ਚਿੱਠੀਆਂ ਲਿਖ ਰਿਹਾ ਹੈ, ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ ਸੀ। ਇਸ ਮਗਰੋਂ ਡੇਰਾ ਮੁਖੀ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿਤਾ ਗਿਆ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ । ਜੇਲ੍ਹ ਯਾਤਰਾ ਦੌਰਾਨ ਹੀ ਉਸ ਨੂੰ ਪੱਤਰਕਾਰ ਛੱਤਰਪਤੀ ਕਤਲ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।