ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਦੇਣ ਦੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ
ਚੰਡੀਗੜ੍ਹ,7 ਅਪ੍ਰੈਲ(ਵਿਸ਼ਵ ਵਾਰਤਾ)- ਕਤਲ ਅਤੇ ਬਾਲਾਤਕਾਰ ਜਿਹੇ ਗੰਭੀਰ ਮਾਮਲਿਆਂ ਵਿੱਚ ਸਜਾ ਭੁਗਤ ਰਹੇ ਅਤੇ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਦਿੱਤੇ ਜਾਣ ਦੇ ਵਿਰੋਧ ਵਿੱਚ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਫਰਵਰੀ ਨੂੰ ਇਸ ਮਾਮਲੇ ਵਿੱਚ ਬਹਿਸ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਹਰਿਆਣਾ ਸਰਕਾਰ ਨੇ 7 ਫਰਵਰੀ ਨੂੰ 21 ਦਿਨਾਂ ਲਈ ਗੁਰਮੀਤ ਰਾਮ ਰਹੀਮ ਨੂੰ ਫਰਲੋ ਦਿੱਤੀ ਸੀ। ਇਸ ਵਿਚਾਲੇ 20 ਫਰਵਰੀ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਨੂੰ ਲੈ ਕੇ ਵਿਰੋਧੀਆਂ ਨੇ ਮੁੱਦਾ ਚੁੱਕਿਆ ਸੀ ਕਿ ਡੇਰਾ ਮੁਖੀ ਨੂੰ ਫਰਲੋ ਸਿਰਫ ਸਿਆਸੀ ਲਾਹਾ ਲੈਣ ਲਈ ਦਿੱਤੀ ਗਈ ਹੈ।ਗੁਰਮੀਤ ਰਾਮ ਰਹੀਮ ਦੀ ਫਰਲੋ ਬੀਤੀ 27 ਫਰਵਰੀ ਨੂੰ ਖਤਮ ਹੋ ਗਈ ਸੀ। ਇਸ ਤੋਂ ਬਾਅਦ ਉਸ ਨੂੰ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ।