ਡੈਪੂਟੇਸ਼ਨ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਲਾਇਆ ਪੱਕਾ ਧਰਨਾ
ਸਿੱਖਿਆ ਮੰਤਰੀ ਦੇ ਭਰੋਸਾ ਦੇਣ ਤੋਂ ਬਾਅਦ ਵੀ ਧਰਨੇ ਤੇ ਡਟੇ ਨੇ ਅਧਿਆਪਕ
ਬਰਨਾਲਾ, 4 ਅਪ੍ਰੈਲ(ਵਿਸ਼ਵ ਵਾਰਤਾ)- ਪਿਛਲੇ ਲੰਬੇ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਡੈਪੂਟੇਸ਼ਨ ਉਤੇ ਚੱਲ ਰਹੇ ਅਧਿਆਪਕਾਂ ਨੇ ਬੀਤੇ ਦਿਨ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੇ ਘਰਾਂ ਤੋਂ ਕਾਫੀ ਦੂਰੀ ਉਤੇ ਡੈਪੂਟੇਸ਼ਨਾਂ ਉਤੇ ਡਿਊਟੀਆਂ ਦੇ ਰਹੇ ਹਨ। ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਪਿਛਲੀ ਸਰਕਾਰ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ, ਪ੍ਰੰਤੂ ਹੁਣ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਉਨ੍ਹਾਂ ਨੂੰ ਮਸਲੇ ਹੱਲ ਆਉਣ ਦੀ ਉਮੀਦ ਸੀ, ਪ੍ਰੰਤੂ ਅਜੇ ਵੀ ਅਫਸਰਾਂ ਵੱਲੋਂ ਕੋਈ ਹੱਲ ਨਹੀਂ ਕੀਤਾ ਗਿਆ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧਰਨੇ ਵਿੱਚ ਪਹੁੰਚਕੇ ਅਧਿਆਪਕਾਂ ਦੀ ਗੱਲ ਸੁਣੀ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪਿਛਲੀ ਸਰਕਾਰ ਸਮੇਂ ਜੋ ਕੁਝ ਹੋਇਆ ਉਸ ਦਾ ਮੈਨੂੰ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਨਾਲ ਕਿਸੇ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਮੈਨੂੰ ਕੁਝ ਸਮਾਂ ਦਿੱਤਾ ਜਾਵੇ, ਮੈਂ ਛੇਤੀ ਮਸਲਾ ਹੱਲ ਕਰਾਂਗਾ। ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਕਿਹਾ ਕਿ 4-5 ਅਧਿਆਪਕ ਆਗੂ ਆ ਕੇ ਮੈਨੂੰ ਚੰਡੀਗੜ੍ਹ ਮਿਲਣ। ਪ੍ਰੰਤੂ ਅਧਿਆਪਕਾਂ ਨੇ ਕਿਹਾ ਕਿ ਉਹ ਉਦੋਂ ਤੱਕ ਆਪਣਾ ਪੱਕਾ ਧਰਨਾ ਨਹੀਂ ਚੁੱਕਣਗੇ, ਜਦੋਂ ਤੱਕ ਮਸਲਾ ਹੱਲ ਨਹੀਂ ਹੋ ਜਾਂਦਾ।























