ਤਿਓਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਕਰਮਚਾਰੀਆਂ ਨੂੰ ਵੱਡਾ ਤੋਹਫਾ
ਪੜ੍ਹੋ ਮਹਿੰਗਾਈ ਭੱਤੇ ਵਿੱਚ ਹੋਇਆ ਕਿੰਨੇ ਫੀਸਦ ਦਾ ਵਾਧਾ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਤਿਓਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰੀ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4% ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੀ ਵਾਰ ਸਰਕਾਰ ਨੇ ਮਾਰਚ ਵਿੱਚ ਡੀਏ ਵਿੱਚ ਵਾਧਾ ਕੀਤਾ ਸੀ, ਇਹ 1 ਜਨਵਰੀ, 2022 ਤੋਂ ਲਾਗੂ ਹੋਇਆ ਸੀ।
ਮਾਰਚ ‘ਚ ਸਰਕਾਰ ਨੇ ਡੀਏ ‘ਚ 3 ਫੀਸਦੀ ਦਾ ਵਾਧਾ ਕੀਤਾ ਸੀ, ਯਾਨੀ ਇਸ ਨੂੰ 31 ਫੀਸਦੀ ਤੋਂ ਵਧਾ ਕੇ 34 ਫੀਸਦੀ ਕਰ ਦਿੱਤਾ ਗਿਆ ਸੀ। ਹੁਣ 4% ਦੇ ਵਾਧੇ ਤੋਂ ਬਾਅਦ ਇਹ 38% ਹੋ ਜਾਵੇਗਾ। ਸਰਕਾਰ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨਾਲ ਦੇਸ਼ ਦੇ 50 ਲੱਖ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ 3 ਮਹੀਨੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ਦੇ 3 ਸਭ ਤੋਂ ਵੱਡੇ ਸਟੇਸ਼ਨਾਂ ਨਵੀਂ ਦਿੱਲੀ, ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ ਅਤੇ ਅਹਿਮਦਾਬਾਦ ਸਟੇਸ਼ਨ ਦੇ ਪੁਨਰ ਵਿਕਾਸ ਲਈ 10 ਹਜ਼ਾਰ ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।