ਰਾਜ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਮਸ਼ੀਨਰੀ ’ਤੇ ਦਿੱਤੀ ਜਾ ਰਹੀ 50-80 ਫੀਸਦੀ ਸਬਸਿਡੀ ਦਾ ਕਿਸਾਨ ਭਰਪੂਰ ਲਾਭ ਲੈਣ – ਤ੍ਰਿਪਤ ਬਾਜਵਾ
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿੳੂਟ ਵਿਕਸਤ ਕੀਤੀ ਜਾਵੇਗੀ – ਤ੍ਰਿਪਤ ਬਾਜਵਾ
ਬਟਾਲਾ, 16 ਅਕਤੂਬਰ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਪਰਾਲੀ ਨੂੰ ਨਾ ਸਾੜਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾਂ ਜਿੱਥੇ ਵਾਤਾਵਰਣ ਲਈ ਸਭ ਤੋਂ ਵੱਡਾ ਖ਼ਤਰਾ ਹੈ ਉਥੇ ਹੀ ਧਰਤ ਅਤੇ ਮਨੁੱਖੀ ਸਿਹਤ ਲਈ ਵੀ ਬੇਹੱਦ ਨੁਕਸਾਨਦੇਹ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਾਜ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਮਸ਼ੀਨਰੀ ’ਤੇ ਦਿੱਤੀ ਜਾ ਰਹੀ 50-80 ਫੀਸਦੀ ਸਬਸਿਡੀ ਦਾ ਭਰਪੂਰ ਲਾਭ ਲੈਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2018-19 ਦੌਰਾਨ ਕਿਸਾਨਾਂ ਨੂੰ 269.38 ਕਰੋੜ ਰੁਪਏ ਦੀ ਲਾਗਤ ਨਾਲ 28600 ਖੇਤੀ ਸੰਦ ਉਪਦਾਨ ’ਤੇ ਮੁਹੱਈਆ ਕਰਵਾਏ ਜਦਕਿ ਸਾਲ 2019-20 ਦੌਰਾਨ ਵੀ ਕਿਸਾਨਾਂ ਨੂੰ 28000 ਸੰਦ ਮੁਹੱਈਆ ਕਰਾਉਣ ਲਈ 273.80 ਕਰੋੜ ਰੁਪਏ ਖਰਚੇ ਜਾ ਰਹੇ ਹਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਨਾ ਕੇਵਲ ਪਰਾਲੀ ਨੂੰ ਸਾੜਨ ਤੋਂ ਰੋਕਣ ਵਿੱਚ ਮਦਦ ਮਿਲੇਗੀ ਉਥੇ ਹੀ ਉਤਪਾਦਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਵਿੱਚ ਵੀ ਵਾਧਾ ਹੋਵੇਗਾ।
ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿੳੂਟ ਵਿਕਸਤ ਕਰਨ ਦੇ ਨਾਲ-ਨਾਲ ਮੋਹਾਲੀ ਵਿਖੇ ਐਗਰੀਕਲਚਰਲ ਮਾਰਕੀਟ ਇਨੋਵੇਸ਼ਨ ਰਿਸਰਚ ਐਂਡ ਇੰਟੈਲੀਜੈਂਸ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੋਹਾਲੀ ਸੈਂਟਰ ਕਿਸਾਨਾਂ ਨੂੰ ਫਸਲੀ ਵਿੰਭਿੰਨਤਾ ਤਹਿਤ ਉਤਪਾਦਨ ਕੀਤੀਆਂ ਫ਼ਸਲਾਂ ਦੇ ਮੰਡੀਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਉਨਾਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੋ ਰਹੇ ਨਿਘਾਰ ਨੂੰ ਰੋਕਣ ਲਈ ਫਸਲੀ ਵਿੰਭਿੰਨਤਾ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 10 ਲੱਖ ਹੈੱਕਟੇਅਰ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਲਿਆਉਣ ਦਾ ਖਾਕਾ ਤਿਆਰ ਕੀਤਾ ਹੋਇਆ ਹੈ।
ਫਸਲੀ ਵਿੰਭਿੰਨਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲਾਡੋਵਾਲ ਵਿਖੇ ਇੰਡੀਅਨ ਇੰਸਟੀਚਿੳੂਟ ਆਫ਼ ਮੇਜ਼ ਰਿਸਰਚ ਸਥਾਪਤ ਕੀਤਾ ਜਾ ਰਿਹਾ ਹੈ, ਜਦਕਿ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਪੋਸਟ ਗ੍ਰੇਜੂਏਟ ਇੰਸਟੀਚਿੳੂਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਦਕਾ ਸੂਬੇ ਵਿੱਚ ਮੱਕੀ, ਬਾਸਮਤੀ ਅਤੇ ਕਪਾਹ ਹੇਠ ਰਕਬੇ ਵਿੱਚ ਉਤਸ਼ਾਹਜਨਕ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ ਸਿੰਚਾਈ ਪ੍ਰਣਾਲੀ ’ਤੇ 80-90 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਣੀ ਬਚਾਓ ਪੈਸਾ ਕਮਾਓ ਯੋਜਨਾ ਤਹਿਤ ਕਿਸਾਨਾਂ ਨੂੰ ਬਿਜਲੀ ਅਤੇ ਪਾਣੀ ਬਚਾਉਣ ਲਈ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।