ਥੋੜ੍ਹੀ ਦੇਰ ਵਿੱਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੜ੍ਹੋ ਕਿਹਨਾਂ ਫੈਸਲਿਆਂ ਤੇ ਲੱਗੇਗੀ ਮੋਹਰ
ਚੰਡੀਗੜ੍ਹ 21 ਫਰਵਰੀ( ਵਿਸ਼ਵ ਵਾਰਤਾ ਬਿਓਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਥੋੜ੍ਹੀ ਦੇਰ ਵਿੱਚ ਸ਼ੁਰੂ ਹੋਵੇਗੀ।ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੇ ਨਾਲ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ, ਨਾਲ ਹੀ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਲੈ ਕੇ ਵੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਮਾਰਚ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਦੌਰਾਨ 10 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ, ਸਰਕਾਰੀ ਚੋਪਰ ਦੇ ਪਾਇਲਟਾਂ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ, ਨਵੀਂ ਟਰਾਂਸਪੋਰਟ ਨੀਤੀ ਅਤੇ ਲੇਬਰ ਪਾਲਿਸੀ ‘ਤੇ ਮੋਹਰ ਲੱਗ ਸਕਦੀ ਹੈ। ਇਸ ਨਾਲ ਹੀ ਪੰਜਾਬ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਦੀ ਰਿਹਾਈ ਦੀਆਂ ਫਾਈਲਾਂ ’ਤੇ ਵੀ ਮੋਹਰ ਲੱਗ ਸਕਦੀ ਹੈ।