ਦਿੱਲੀ ਜਲ ਸੰਕਟ ‘ਤੇ ਸੁਪਰੀਮ ਕੋਰਟ ਦਾ ਹੁਕਮ, ਹਿਮਾਚਲ ਦੇਵੇਗਾ ਦਿੱਲੀ ਨੂੰ ਵਾਧੂ ਪਾਣੀ
ਦਿੱਲੀ, 6 ਜੂਨ (ਵਿਸ਼ਵ ਵਾਰਤਾ):- ਦਿੱਲੀ ਵਿਚ ਪਾਣੀ ਦਾ ਸੰਕਟ ਹੱਲ ਨਾ ਹੁੰਦਾ ਦੇਖਦਿਆਂ ਸੁਪਰੀਮ ਕੋਰਟ ਨੇ ਹਿਮਾਚਲ ਨੂੰ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਕਿਹਾ ਹੈ ਕਿ ਹਿਮਾਚਲ ਵਲੋਂ ਦਿੱਲੀ ਨੂੰ ਪਾਣੀ ਦਿੱਤਾ ਜਾਵੇ ਜਦਕਿ ਭਲਕੇ ਹਰਿਆਣਾ ਦੀਆਂ ਨਹਿਰਾਂ ਰਾਹੀਂ ਵੀ 137 ਕਿਉਸਿਕ ਪਾਣੀ ਦਿੱਲੀ ਪਹੁੰਚੇਗਾ।
ਕੋਰਟ ਨੇ ਹਰਿਆਣਾ ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਹਰਿਆਣਾ ਵਜ਼ੀਰਾਬਾਦ ਤਕ ਪਾਣੀ ਪਹੁੰਚਾਉਣ ਵਿਚ ਮਦਦ ਕੀਤੀ ਜਾਵੇ , ਤਾਂ ਜੋ ਦਿੱਲੀ ਦੇ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਵਾਲਾ ਪਾਣੀ ਮਿਲ ਸਕੇ। ਅਦਾਲਤ ਨੇ ਦਿੱਲੀ ਸਰਕਾਰ ਨੂੰ ਪਾਣੀ ਦੀ ਬਰਬਾਦੀ ਰੋਕਣ ਲਈ ਯਤਨ ਕਰਨ ਲਈ ਕਿਹਾ ਹੈ। ਤੁਹਾਨੂੰ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਪਾਣੀ ਦੀ ਕਮੀ ਨੂੰ ਲੈ ਕੇ 31 ਮਈ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਦਿੱਲੀ ਨੂੰ ਦੇਣ ਦੀ ਮੰਗ ਕੀਤੀ ਗਈ ਸੀ।