ਦਿੱਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਸਿਆਸੀ ਘਮਸਾਣ ਤੇਜ਼
ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਆਗੂ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ
ਸ਼ਰਾਬ ਨੀਤੀ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਕਰ ਰਹੇ ਹਨ ਮੰਗ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)- ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਹੇ ਘਮਸਾਣ ਵਿਚਾਲੇ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਵੀ ਸਿਆਸੀ ਜੰਗ ਤੇਜ਼ ਹੋ ਗਈ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣਗੇ। ਜਿਸ ਵਿੱਚ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ ਅਤੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਵੀ ਸ਼ਾਮਲ ਹੋਣਗੇ।
ਦੱਸ ਦਈਏ ਕਿ ਅਕਾਲੀ ਦਲ ਪੰਜਾਬ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਿਹਾ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ ‘ਆਪ’ ਨੇ ਇਸ ਨੀਤੀ ਨਾਲ 500 ਕਰੋੜ ਦਾ ਘਪਲਾ ਕੀਤਾ ਹੈ। ਸੀਬੀਆਈ ਦੇ ਘੇਰੇ ਵਿੱਚ ਆਈ ਦਿੱਲੀ ਆਬਕਾਰੀ ਨੀਤੀ ਨੂੰ ਪੰਜਾਬ ਵਿੱਚ ਵੀ ਲਾਗੂ ਕਰ ਦਿੱਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਨਵੀਂ ਨੀਤੀ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਇਆ ਹੈ।