ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅੱਜ ED ਕਰੇਗੀ ਪੁੱਛਗਿੱਛ
ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ) ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ ਅੱਜ 19 ਫਰਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਈਡੀ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਹੁਣ ਤੱਕ ਪੰਜ ਵਾਰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ, ਪਰ ਉਹ ਇੱਕ ਵਾਰ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ 2 ਫਰਵਰੀ ਨੂੰ ਸੀਐਮ ਅਰਵਿੰਦ ਕੇਜਰੀਵਾਲ ਈਡੀ ਦੇ ਪੰਜਵੇਂ ਸੰਮਨ ਤੋਂ ਬਾਅਦ ਪੁੱਛਗਿੱਛ ਵਿੱਚ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਸੰਮਨ ਦੀ ਪਾਲਣਾ ਨਾ ਕਰਨ ਲਈ ਈਡੀ ਨੇ ਉਨ੍ਹਾਂ ਵਿਰੁੱਧ ਨਵਾਂ ਕੇਸ ਦਰਜ ਕੀਤਾ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਰ ਵਾਰ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਰਹੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਈਡੀ ਦਾ ਮਕਸਦ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਨੂੰ 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ। ਜਦੋਂ ਦਿੱਲੀ ਦੇ ਮੁੱਖ ਮੰਤਰੀ ਪੰਜ ਸੰਮਨਾਂ ਦੇ ਬਾਅਦ ਵੀ ਪੁੱਛਗਿੱਛ ਲਈ ਨਹੀਂ ਆਏ ਤਾਂ ਈਡੀ ਨੇ ਰਾਉਸ ਐਵੇਨਿਊ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।